ਮੁਫ਼ਤ ਸਿਹਤ ਬੀਮਾ ਯੋਜਨਾ ਸੀਐੱਮ ਮਾਨ ਤੇ ਕੇਜਰੀਵਾਲ ਦੀ ਲੋਕ ਭਲਾਈ ਸੋਚ ਦਾ ਨਤੀਜਾ : ਕੋਹਲੀ
ਮੁਫ਼ਤ ਸਿਹਤ ਬੀਮਾ ਯੋਜਨਾ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਦੀ ਲੋਕ ਭਲਾਈ ਸੋਚ ਦਾ ਨਤੀਜਾ-ਕੋਹਲੀ
Publish Date: Thu, 22 Jan 2026 06:14 PM (IST)
Updated Date: Fri, 23 Jan 2026 04:10 AM (IST)

ਕਿਹਾ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪੰਜਾਬ ਨੇ ਰਚਿਆ ਇਤਿਹਾਸ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਰਾਜਨੀਤੀ ਦਾ ਪ੍ਰਤੀਕ ਹੈ। ਇਹ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪਣੇ ਦਫ਼ਤਰ ’ਚ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਲੋਕਾਂ ਦੀ ਸਿਹਤ ਦੀ ਸੁਰੱਖਿਆ ਕਰਨੀ ਹੈ। ਇਹ ਯੋਜਨਾ ਖ਼ਾਸ ਕਰਕੇ ਗਰੀਬ, ਮੱਧ ਵਰਗ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਸਿਹਤ ਖੇਤਰ ਵਿੱਚ ਲਾਗੂ ਕੀਤਾ ਗਿਆ ਪਾਰਦਰਸ਼ੀ ਤੇ ਲੋਕ-ਹਿਤੈਸ਼ੀ ਮਾਡਲ ਅੱਜ ਪੰਜਾਬ ਵਿੱਚ ਵੀ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਸੱਤਾ ਲਈ ਨਹੀਂ, ਸਗੋਂ ਸੇਵਾ ਲਈ ਹੈ। ਇਸ ਮਹੱਤਵਪੂਰਨ ਯੋਜਨਾ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਉਨ੍ਹਾਂ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ’ਚ ਹਲਕੇ ਦੇ ਸਾਰੇ ਵਾਰਡ ਇੰਚਾਰਜ, ਬਲਾਕ ਪ੍ਰਧਾਨ ਅਤੇ ਮਾਣਯੋਗ ਕੌਂਸਲਰ ਮੌਜੂਦ ਰਹੇ। ਮੀਟਿੰਗ ਦੌਰਾਨ ਯੋਜਨਾ ਦੀ ਜਾਣਕਾਰੀ ਹਰ ਘਰ ਤੱਕ ਪਹੁੰਚਾਉਣ ਤੇ ਜ਼ਮੀਨੀ ਪੱਧਰ ’ਤੇ ਇਸ ਦੇ ਲਾਭ ਲੋਕਾਂ ਤੱਕ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਨਿਤਿਨ ਕੋਹਲੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਆਧਾਰ ਕਾਰਡ ਜਾਂ ਵੋਟਰ ਕਾਰਡ ਰੱਖਣ ਵਾਲਾ ਹਰ ਨਾਗਰਿਕ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕੇਗਾ ਤੇ ਇਸ ਦਾ ਪੂਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।