ਸਿਹਤ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ : ਕੋਹਲੀ
ਲੱਧੇਵਾਲੀ ’ਚ ਫ੍ਰੀ ਮੈਡੀਕਲ ਕੈਂਪ ਦੀ ਸ਼ੁਰੂਆਤ, ਨਿਤਿਨ ਕੋਹਲੀ ਨੇ ਸਿਹਤ-ਸਿੱਖਿਆ ’ਤੇ ਜ਼ੋਰ ਦਿੱਤਾ
Publish Date: Mon, 16 Mar 2026 08:14 PM (IST)
Updated Date: Mon, 16 Mar 2026 08:16 PM (IST)
-ਵਰਲਡ ਕੈਂਸਰ ਕੇਅਰ ਹਸਪਤਾਲ ’ਚ ਮੁਫਤ ਮੈਡੀਕਲ ਕੈਂਪ, ਨਵੇਂ ਇੰਸਟੀਚਿਊਟ ਆਫ ਫਿਜ਼ਿਕਸ ਦਾ ਉਦਘਾਟਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦੇ ਲੱਧੇਵਾਲੀ ਵਿਖੇ ਵਰਲਡ ਕੈਂਸਰ ਕੇਅਰ ਹਸਪਤਾਲ ’ਚ ਇਕ ਫ੍ਰੀ ਮੈਡੀਕਲ ਕੈਂਪ ਲਗਾਇਆ, ਜਿਸ ਦੀ ਸ਼ੁਰੂਆਤ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਦੀ ਟੀਮ ਨਾਲ ਗੱਲਬਾਤ ਕੀਤੀ ਤੇ ਕੈਂਪ ’ਚ ਆਏ ਮਰੀਜ਼ਾਂ ਦਾ ਹਾਲਚਾਲ ਪੁੱਛਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਸਿਹਤ ਸਬੰਧੀ ਸਲਾਹਾਂ ਦਿੱਤੀਆਂ ਗਈਆਂ। ਨਿਤਿਨ ਕੋਹਲੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੋਕਾਂ ਨੂੰ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣ ਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਦਾ ਵਧੀਆ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ’ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਬਹੁਤ ਜ਼ਰੂਰੀ ਹੈ ਤੇ ਅਜਿਹੇ ਕੈਂਪ ਲੋਕਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੁੰਦੇ ਹਨ।
ਇਸ ਤੋਂ ਇਲਾਵਾ ਜਲੰਧਰ ’ਚ ਨਵੇਂ ਖੁਲੇ ਇੰਸਟੀਚਿਊਟ ਆਫ ਫਿਜ਼ਿਕਸ ਦਾ ਉਦਘਾਟਨ ਵੀ ਨਿਤਿਨ ਕੋਹਲੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਨਵੇਂ ਸੰਸਥਾਨ ਖੁਲ੍ਹਣ ਨਾਲ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਤੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਵਧੀਆ ਮੰਚ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਜਲੰਧਰ ’ਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣੇ ਹੀ ਸ਼ਹਿਰ ’ਚ ਵਧੀਆ ਮੌਕੇ ਤੇ ਸਹੂਲਤਾਂ ਮਿਲ ਸਕਣ। ਨਿਤਿਨ ਕੋਹਲੀ ਨੇ ਕਿਹਾ ਕਿ ਉਹ ਹਮੇਸ਼ਾਂ ਉਨ੍ਹਾਂ ਪਹਿਲਾਂ ਦਾ ਸਮਰਥਨ ਕਰਦੇ ਰਹਿਣਗੇ ਜੋ ਸਮਾਜ ਦੀ ਭਲਾਈ, ਨੌਜਵਾਨਾਂ ਦੀ ਤਰੱਕੀ ਤੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹਨ।
ਉਨ੍ਹਾਂ ਦਾ ਮੰਨਣਾ ਹੈ ਕਿ ਸਿਹਤ, ਸਿੱਖਿਆ ਤੇ ਨੌਜਵਾਨਾਂ ਲਈ ਮੌਕੇ ਪੈਦਾ ਕਰਨਾ ਹੀ ਜਲੰਧਰ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦਾ ਸਭ ਤੋਂ ਵੱਡਾ ਰਸਤਾ ਹੈ। ਇਸ ਮੌਕੇ ਸਥਾਨਕ ਲੋਕਾਂ ਤੇ ਹਸਪਤਾਲ ਪ੍ਰਬੰਧਕਾਂ ਵੱਲੋਂ ਵੀ ਇਸ ਪਹਿਲ ਦੀ ਸਰਾਹਨਾ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਲਈ ਬਹੁਤ ਮਦਦਗਾਰ ਸਾਬਤ ਹੁੰਦੇ ਹਨ ਤੇ ਸਮਾਜ ’ਚ ਸਿਹਤ ਤੇ ਸਿੱਖਿਆ ਪ੍ਰਤੀ ਸਕਾਰਾਤਮਕ ਮਾਹੌਲ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।