ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
Publish Date: Sat, 24 Jan 2026 08:23 PM (IST)
Updated Date: Sun, 25 Jan 2026 04:22 AM (IST)

-ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਮੌਕੇ ’ਤੇ ਦਿੱਤੇ ਜ਼ਰੂਰੀ ਨਿਰਦੇਸ਼, 26 ਜਨਵਰੀ ਨੂੰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਕੌਮੀ ਝੰਡਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ’ਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਉਪਰੰਤ ਡਾ. ਅਗਰਵਾਲ ਨੇ ਪਰੇਡ ਕਮਾਂਡਰ ਅਸ਼ੋਕ ਮੀਨਾ ਆਈਪੀਐੱਸ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ’ਚ ਆਈਟੀਬੀਪੀ, ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮਗਾਰਡਜ਼, ਐੱਨਸੀਸੀ (ਲੜਕੇ ਤੇ ਲੜਕੀਆਂ), ਲਾਇਲਪੁਰ ਖਾਲਸਾ ਸਕੂਲ (ਲੜਕੇ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਡੀਐੱਸਐੱਸਡੀ ਸੀਨੀਅਰ ਸੈਕੰਡਰੀ ਸਕੂਲ, ਲਾਇਲਪੁਰ ਖਾਲਸਾ ਸਕੂਲ (ਲੜਕੀਆਂ) ਦੀਆਂ ਟੁਕੜੀਆਂ ਤੇ ਸੀਆਰਪੀਐੱਫ ਦਾ ਬੈਂਡ ਸ਼ਾਮਲ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਉਪਰੰਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਲਬਰੇਜ਼ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਣ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਕਿਹਾ। ਸਮਾਗਮ ਦੌਰਾਨ ਨਾਗਰਿਕਾਂ ਦੀ ਆਮਦ ਦੇ ਮੱਦੇਨਜ਼ਰ ਡਾ. ਅਗਰਵਾਲ ਨੇ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ, ਸੁਚੱਜੀ ਆਵਾਜਾਈ ਤੇ ਪਾਰਕਿੰਗ ਲਈ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਰਵ-ਉੱਤਮ ਝਾਕੀ ਤੇ ਸਰਵ-ਉੱਤਮ ਸੱਭਿਆਚਾਰਕ ਪੇਸ਼ਕਾਰੀ ਦੀ ਚੋਣ ਵੀ ਕੀਤੀ ਜਾਵੇਗੀ, ਜਿਸ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਕਿਹਾ ਕਿ ਇਸ ਅਹਿਮ ਦਿਹਾੜੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਵੱਡੀ ਗਿਣਤੀ ’ਚ ਪਹੁੰਚਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਐੱਸਡੀਐੱਮ ਰਣਦੀਪ ਸਿੰਘ ਹੀਰ ਤੇ ਸ਼ਾਇਰੀ ਮਲਹੋਤਰਾ, ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ ਸੁਖਵਿੰਦਰ ਸਿੰਘ, ਆਰਟੀਓ ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।