ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੁੜੇ ਮਸਲੇ ਅਣਗੌਲ਼ੇ : ਜੌਹਲ
ਪੰਜਾਬੀ ਜ਼ੁਬਾਨ ਦੇ ਸਰੋਕਾਰਾਂ ਲਈ ਬਜਟ ’ਚ ਫੰਡ ਰੱਖਿਆ ਜਾਵੇ
Publish Date: Mon, 09 Mar 2026 07:37 PM (IST)
Updated Date: Mon, 09 Mar 2026 07:39 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਚੇਤਨਾ ਮੰਚ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੱਤਰ ਲਿਖ ਕੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਤੇ ਵਿਕਾਸ ਲਈ ਬਜਟ ’ਚ ਲੋੜੀਂਦੇ ਫੰਡ ਰੱਖਣ ਦੀ ਮੰਗ ਕੀਤੀ ਗਈ ਹੈ। ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਰਨਲ ਸਕੱਤਰ ਸਤਨਾਮ ਸਿੰਘ ਮਾਣਕ ਤੇ ਜਥੇਬੰਦਕ ਸਕੱਤਰ ਗੁਰਮੀਤ ਪਲਾਹੀ ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਕਿ 8 ਮਾਰਚ ਨੂੰ ਪੇਸ਼ ਕੀਤੇ ਗਏ ਪੰਜਾਬ ਸਰਕਾਰ ਦੇ ਪੰਜਵੇਂ ਬਜਟ ’ਚ ਲਗਭਗ ਸਾਰੇ ਸਮਾਜਿਕ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੀ ਉਹ ਪ੍ਰਸ਼ੰਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਪੰਜਾਬੀ ਮਾਂ-ਬੋਲੀ ਦੇ ਆਧਾਰ ’ਤੇ ਪਹਿਲੀ ਨਵੰਬਰ 1966 ਨੂੰ ਲੰਮੇ ਸੰਘਰਸ਼ ਤੋਂ ਬਾਅਦ ਬਣਿਆ ਸੀ ਪਰ ਅਫਸੋਸ ਦੀ ਗੱਲ ਹੈ ਕਿ ਵੱਖ-ਵੱਖ ਸਰਕਾਰਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਵਿਕਾਸ ਲਈ ਕੋਈ ਪ੍ਰਭਾਵਸ਼ਾਲੀ ਨੀਤੀ ਜਾਂ ਯਥੋਚਿਤ ਵਿੱਤੀ ਸਹਾਇਤਾ ਮੁਹੱਈਆ ਨਹੀਂ ਕਰਵਾਈ ਗਈ। ਪੱਤਰ ’ਚ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬੀ ਲੇਖਕਾਂ ਤੇ ਬੁੱਧੀਜੀਵੀਆਂ ਨੂੰ ਵੱਡੀਆਂ ਉਮੀਦਾਂ ਸਨ ਪਰ ਪਿਛਲੇ ਚਾਰ ਬਜਟਾਂ ਸਮੇਤ ਮੌਜੂਦਾ ਬਜਟ ’ਚ ਵੀ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੁੜੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਨਾਲ ਲੇਖਕਾਂ, ਕਲਾਕਾਰਾਂ ਤੇ ਪੱਤਰਕਾਰਾਂ ’ਚ ਨਿਰਾਸ਼ਾ ਪੈਦਾ ਹੋਈ ਹੈ। ਮੰਚ ਨੇ ਮੰਗ ਕੀਤੀ ਕਿ ਇਸ ਕਮੀ ਨੂੰ ਤੁਰੰਤ ਦੂਰ ਕਰਦਿਆਂ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਵਿਕਾਸ ਲਈ ਲੋੜੀਂਦੇ ਫੰਡ ਇਸੇ ਬਜਟ ’ਚ ਰੱਖੇ ਜਾਣ।