'ਗੈਂਗਸਟਰਾਂ ’ਤੇ ਵਾਰ' ਮੁਲਜ਼ਮਾਂ ਦੇ ਤਾਬੂਤ ’ਚ ਆਖਰੀ ਕਿੱਲ ਹੋਵੇਗੀ ਸਾਬਤ : ਟੀਨੂੰ
ਪੰਜਾਬ ’ਚ ਹੁਣ ਗੈਂਗਸਟਰਾਂ ਦੀ ਖ਼ੈਰ ਨਹੀਂ, 'ਆਪ' ਸਰਕਾਰ ਦੀ
Publish Date: Tue, 20 Jan 2026 07:32 PM (IST)
Updated Date: Tue, 20 Jan 2026 07:33 PM (IST)

-ਕਿਹਾ, ਸਰਕਾਰ ਨੇ ਜੇਲ੍ਹਾਂ ਤੋਂ ਗੈਂਗ ਤੇ ਵਿਦੇਸ਼ਾਂ ਤੋਂ ਅਪਰਾਧ ਚਲਾਉਣ ਵਾਲਿਆਂ ਤੇ ਕੱਸਿਆ ਸ਼ਿਕੰਜਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਸਫਲ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਮੰਗਲਵਾਰ ਨੂੰ ਸਰਕਟ ਹਾਊਸ ਵਿਖੇ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ’ਤੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰਵਾਦ ਤੇ ਸੰਗਠਿਤ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਆਪ ਸਰਕਾਰ ਦੀ ਪਹਿਲ ਹੈ। ਜੋ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਆਪ ਆਗੂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਸ਼ਬਦ ਨੂੰ ਹੀ ਖ਼ਤਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ, ਹਜ਼ਾਰਾਂ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਤੇ ਉਨ੍ਹਾਂ ਦੀ ਨਜਾਇਜ਼ ਕਮਾਈ ਨਾਲ ਖੜ੍ਹੀਆਂ ਕੀਤੀਆਂ ਇਮਾਰਤਾਂ ਨੂੰ ਜ਼ਮੀਨਦੋਜ਼ ਕੀਤਾ ਗਿਆ, ਉਸੇ ਮਜ਼ਬੂਤੀ ਤੇ ਇੱਛਾ ਸ਼ਕਤੀ ਨਾਲ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹਾਂ ’ਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ’ਚ ਬੈਠ ਕੇ ਫਿਰੌਤੀ, ਧਮਕੀਆਂ ਤੇ ਸੰਗਠਿਤ ਅਪਰਾਧ ਚਲਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਵੀ ਪੰਜਾਬ ਪੁਲਿਸ ਨੇ ਇਕ ਠੋਸ ਤੇ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਵਾਲੇ ਲੋਕ ਚਾਹੇ ਉਹ ਫੰਡਿੰਗ ਕਰ ਰਹੇ ਹੋਣ, ਉਨ੍ਹਾਂ ਨੂੰ ਪਨਾਹ ਦੇ ਰਹੇ ਹੋਣ ਜਾਂ ਸੂਚਨਾ ਲੀਕ ਕਰ ਰਹੇ ਹੋਣ ਸਾਰਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਟੀਨੂੰ ਨੇ ਸਪੱਸ਼ਟ ਕੀਤਾ ਕਿ ਜੋ ਟ੍ਰੈਵਲ ਏਜੰਟ ਗੈਂਗਸਟਰਾਂ ਨੂੰ ਨਜਾਇਜ਼ ਤਰੀਕੇ ਨਾਲ ਵਿਦੇਸ਼ ਭੇਜਣ ’ਚ ਮਦਦ ਕਰ ਰਹੇ ਹਨ ਜਾਂ ਉਨ੍ਹਾਂ ਨੂੰ ਕਾਨੂੰਨ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਧੁਨਿਕ ਤਕਨੀਕ, ਇੰਟੈਲੀਜੈਂਸ ਨੈੱਟਵਰਕ ਤੇ ਹਾਈ-ਟੈਕ ਸਾਧਨਾਂ ਦੀ ਵਰਤੋਂ ਕਰਕੇ ਗੈਂਗਸਟਰਾਂ ਦੀ ਕਮਰ ਤੋੜਨ ਜਾ ਰਹੀ ਹੈ। ਇਹ ਦੇਸ਼ ’ਚ ਆਪਣੀ ਤਰ੍ਹਾਂ ਦੀ ਇਕ ਵਿਲੱਖਣ ਮੁਹਿੰਮ ਹੈ। ਉਨ੍ਹਾਂ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸੂਚਨਾ ਦੇਣ ਲਈ ਇਕ ਵਿਸ਼ੇਸ਼ ਹੈਲਪਲਾਈਨ ਨੰਬਰ 9394693946 ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤਰਨਦੀਪ ਸਿੰਘ ਸੰਨੀ, ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ, ਮੀਡੀਆ ਕੋਆਰਡੀਨੇਟਰ ਅਨਮੋਲ ਖੰਨਾ ਤੇ ਮੀਡੀਆ ਕੋਆਰਡੀਨੇਟਰ ਨਰੇਸ਼ ਕੁਮਾਰ ਵੀ ਮੌਜੂਦ ਸਨ।