ਗੈਸ ਦੀ ਸਪਲਾਈ ਯਕੀਨੀ ਬਣਾਈ ਜਾਵੇ : ਕਟਾਣਾ
ਗੈਸ ਏਜੰਸੀਆਂ ਵੱਲੋਂ ਸਿਲੰਡਰਾਂ ਦੀ ਪਿੰਡ-ਪਿੰਡ ਸਪਲਾਈ ਯਕੀਨੀ ਬਣਾਈ ਜਾਵੇ: ਕਟਾਣਾ
Publish Date: Wed, 01 Apr 2026 06:43 PM (IST)
Updated Date: Wed, 01 Apr 2026 06:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਅੱਪਰਾ ਸਰਕਲ ਦੇ ਪ੍ਰਧਾਨ ਅਮਰਜੀਤ ਸਿੰਘ ਕਟਾਣਾ, ਬਲਰਾਮ ਸਿੰਘ ਤੇ ਸਮਤਾ ਰਾਣੀ ਨੇ ਗੈਸ ਦੀ ਆ ਰਹੀ ਕਮੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਈਰਾਨ ਤੇ ਇਜ਼ਰਾਇਲ ’ਚ ਚੱਲ ਰਹੇ ਤਣਾਅ ਕਾਰਨ ਗੈਸ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰਕੇ ਉਪਭੋਗਤਾਵਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਨੂੰ ਵੇਖਦੇ ਹੋਏ ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੇ ਗੈਸ ਏਜੰਸੀਆਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਸਿਲੰਡਰਾਂ ਦੀ ਸਪਲਾਈ ਸਿੱਧੀ ਪਿੰਡਾਂ ਤੇ ਘਰਾਂ ਤੱਕ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੂੰ ਦੂਰ-ਦਰਾਜ ਤੋਂ ਏਜੰਸੀ ਤੱਕ ਆ ਕੇ ਆਪਣੇ ਕੰਮ ਛੱਡ ਕੇ ਖੱਜਲ-ਖੁਆਰ ਹੋਣਾ ਪੈਂਦਾ ਹੈ, ਜਿਸ ਨਾਲ ਸਮਾਂ ਤੇ ਪੈਸੇ ਦੋਵਾਂ ਦੀ ਬਰਬਾਦੀ ਹੁੰਦੀ ਹੈ। ਜੇਕਰ ਪਿੰਡ ਪੱਧਰ ’ਤੇ ਸਪਲਾਈ ਮੁਹੱਈਆ ਕਰਵਾਈ ਜਾਵੇ ਤਾਂ ਇਹ ਸਮੱਸਿਆ ਘੱਟ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੈਸ ਏਜੰਸੀਆਂ ’ਤੇ ਲੰਬੀਆਂ ਲਾਈਨਾਂ ਲੱਗਣ ਕਾਰਨ ਮਾਲਕਾਂ ਤੇ ਮੁਲਾਜ਼ਮਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਪ੍ਰਬੰਧਾਂ ’ਚ ਸੁਧਾਰ ਲਿਆਉਣਾ ਜ਼ਰੂਰੀ ਹੈ।