ਜਤਿੰਦਰ ਪੰਮੀ, ਜਲੰਧਰ : ਮਾਹਿਲਪੁਰ ਦੇ ਤਹਿਸੀਲਦਾਰ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਮਾਮਲਾ ਦਰਜ ਕੀਤੇ ਜਾਣ ਵਿਰੁੱਧ ਸਮੂਹਿਕ ਛੁੱਟੀ ਉੱਤੇ ਚੱਲ ਰਹੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਰੋਸ ਪ੍ਰਗਟ ਕੀਤਾ ਅਤੇ ਐੱਫਆਈਆਰ ਦੀਆਂ ਕਾਪੀਆਂ ਸਾੜੀਆਂ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਵਰਮਾ ਤੇ ਚੇਅਰਮੈਨ ਤੇਜਿੰਦਰ ਸਿੰਘ ਨੇ ਕਿਹਾ ਕਿ ਵਿਜੀਲੈਂਸ ਵਲੋਂ ਤਹਿਸੀਲਦਾਰ ਸੰਦੀਪ ਕੁਮਾਰ ਖਿਲਾਫ ਝੂਠੀ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਵਿਰੋਧ ਵਿਚ ਜ਼ਿਲ੍ਹੇ ਦੇ ਸਾਰੇ ਮਾਲ ਅਧਿਕਾਰੀਆਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹਮਾਇਤ ਵਿਚ ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਵੀ ਡਿਊਟੀਆਂ ਦਾ ਬਾਈਕਾਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਰੋਸ ਪ੍ਰਦਰਸ਼ਨ ਨੂੰ ਬੀਤੇ ਦਿਨ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵੱਲੋਂ ਵੀ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਪੀਸੀਐੱਸ ਐਸੋਸੀਏਸ਼ਨ ਵੱਲੋਂ ਵੀ ਮਤਾ ਪਾਸ ਕਰਕੇ ਵਿਜੀਲੈਂਸ ਬਿਊਰੋ ਦੀ ਧੱਕੇਸ਼ਾਹੀ ਖਿਲਾਫ ਮਾਲ ਅਧਿਕਾਰੀਆਂ ਨੂੰ ਸਮਰਥਨ ਦਿੱਤਾ ਗਿਆ ਹੈ।

Posted By: Tejinder Thind