- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਵਿਅਕਤੀ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਮੋਹਿੰਦਰ ਭਗਤ

-ਕੈਬਨਿਟ ਮੰਤਰੀ ਨੇ ਟੀ.ਬੀ. ਦੇ ਮਰੀਜ਼ਾਂ ਨੂੰ ਵੰਡੀਆਂ ਪੋਸ਼ਣ ਕਿੱਟਾਂ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅੱਜ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਪਹੁੰਚੇ ਤੇ ਟੀਬੀ ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ। ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਸਿਵਲ ਹਸਪਤਾਲ ’ਚ ਪਹੁੰਚਣ ’ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ। ਇਸ ਮੌਕੇ ਅਪਣੇ ਸੰਬੋਧਨ ਦੌਰਾਨ ਕੈਬਿਨੇਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸੂਬੇ ਦੇ ਹਰ ਵਿਅਕਤੀ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਤੇ ਸੂਬਾ ਵਾਸੀਆਂ ਨੂੰ ਬਿਹਤਰ ਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਉਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਟੀਬੀ ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਕਰਦਿਆਂ ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚੋਂ ਟੀਬੀ ਦੇ ਜੜ੍ਹੋਂ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਟੀਬੀ ਦਾ ਮੁਫ਼ਤ ਇਲਾਜ ਤੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਟੀਬੀ ਦੇ ਮਰੀਜ਼ਾਂ ਨੂੰ ਦਵਾਈ ਦਾ ਕੋਰਸ ਪੂਰਾ ਕਰਨ ਤੇ ਡਾਕਟਰਾਂ ਦੇ ਕਹੇ ਅਨੁਸਾਰ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ। ਇਸ ਬਿਮਾਰੀ ਦੇ ਖਾਤਮੇ ਲਈ ਉਨ੍ਹਾਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਦੱਸਿਆ ਕਿ ਅੱਜ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਟੀਬੀ ਦੇ ਮਰੀਜ਼ਾਂ ਨੂੰ 80 ਪੋਸ਼ਣ ਕਿੱਟਾਂ ਦੀ ਵੰਡ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟੀਬੀ ਦੇ ਮਰੀਜ਼ਾਂ ਨੂੰ ਹਰ ਮਹੀਨੇ ਪੋਸ਼ਣ ਕਿੱਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤੇ ਪਿਛਲੇ 6 ਮਹੀਨਿਆਂ ਦੌਰਾਨ ਕਰੀਬ 600 ਪੋਸ਼ਣ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਟੀਬੀ ਦੀ ਬਿਮਾਰੀ ਇਲਾਜਯੋਗ ਹੈ, ਜਿਸ ਦੇ ਲਈ ਰੋਗੀ ਦੀ ਸਮੇਂ ਸਿਰ ਪਛਾਣ ਹੋਣਾ ਜ਼ਰੂਰੀ ਹੈ। ਇਸ ਦੇ ਲਈ ਬਿਨਾਂ ਕਿਸੇ ਦੇਰੀ ਤੋਂ ਹਸਪਤਾਲ ’ਚ ਜਾਂਚ ਕਰਵਾ ਕੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਟੀਬੀ ਦੇ ਮਰੀਜ਼ਾਂ ਦੀ ਜਾਂਚ ਲਈ ਸਰਕਾਰੀ ਹਸਪਤਾਲਾਂ ’ਚ ਟੈਸਟਾਂ ਤੋਂ ਇਲਾਵਾ ਆਊਟਰੀਚ ਕੈਂਪ ਵੀ ਲਗਾਏ ਜਾਂਦੇ ਹਨ। ਇਸ ਤੋਂ ਪਹਿਲਾਂ ਟੀਬੀ ਅਫ਼ਸਰ ਡਾ. ਪਰਮਵੀਰ ਸਿੰਘ ਨੇ ਟੀਬੀ ਦੇ ਲੱਛਣਾਂ, ਬਚਾਅ ਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਟੀਬੀ ਦੀ ਬਿਮਾਰੀ ਸਬੰਧੀ ਜਾਗਰੂਕਤਾ ਲਈ ਕਰਵਾਏ ਗਏ ਪੋਸਟਰ ਮੇਕਿੰਗ ਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਰਿੰਦਰ ਰਿਆੜ, ਐੱਮਈਆਈਓ ਗੁਰਦੀਪ ਸਿੰਘ ਤੋਂ ਇਲਾਵਾ ਸਿਵਲ ਹਸਪਤਾਲ ਦਾ ਸਟਾਫ਼ ਵੀ ਮੌਜੂਦ ਸੀ।