ਵਿਰੋਧੀ ਉਮੀਦਵਾਰਾਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕਰ ਰਹੀ ਸਰਕਾਰ : ਪਰਗਟ ਸਿੰਘ
ਸਰਕਾਰ ਚੋਣਾਂ ’ਚ 'ਸਾਮ-ਦਾਮ-ਦੰਡ-ਭੇਦ' ਦੀ ਨੀਤੀ ਤਹਿਤ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਦੁਰਵਰਤੋਂ : ਪਰਗਟ ਸਿੰਘ
Publish Date: Wed, 03 Dec 2025 08:24 PM (IST)
Updated Date: Wed, 03 Dec 2025 08:26 PM (IST)

-ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੇ ਦੋਸ਼ -ਕਾਂਗਰਸੀ ਆਗੂ ਵੱਲੋ ਚੋਣ ਕਮਿਸ਼ਨ ਤੋਂ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਮੰਗ ਡਿਪਟੀ ਚੀਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪ੍ਰਗਟ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਣ ਤੇ ਡਰਾਉਣ-ਧਮਕਾਉਣ ਲਈ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੁਰਵਰਤੋਂ ਕਰ ਰਹੀਆ ਹਨ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰੇ ਤੇ ਸਰਕਾਰ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਤੋਂ ਰੋਕੇ। ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਸੱਤਾ ਹਾਸਲ ਕਰਨ ਲਈ ਹਰ ਤਰ੍ਹਾਂ ਦੇ ਢੰਗ-ਤਰੀਕੇ ਵਰਤਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਪੰਜਾਬ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀ ਚੋਣਾਂ ’ਚ ਪੂਰੀ ਤਰ੍ਹਾਂ ਲਾਗੂ ਕਰ ਰਹੀ ਹੈ। ਸਰਕਾਰ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ ਤੇ ਕਿਸੇ ਵੀ ਹੱਦ ਤੱਕ ਜਾਵੇਗੀ। ਸਰਕਾਰ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਣ ਲਈ ਪੁਲਿਸ ਅਧਿਕਾਰੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਨੂੰ ਫੋਨ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਗੁਪਤ ਤੌਰ ਤੇ ਆਪਣੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਪੱਧਰ ਤੇ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵੀ ਤਰਨਤਾਰਨ ਜ਼ਿਲ੍ਹੇ ’ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਧਰਨਾ ਦਿੱਤਾ। ਇਸੇ ਤਰ੍ਹਾਂ ਪਟਿਆਲਾ ’ਚ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵੀ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਉਮੀਦਵਾਰਾਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕਰ ਰਹੀ ਹੈ। ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਜ਼ੀਰਾ ’ਚ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੁਲਿਸ ਅਧਿਕਾਰੀਆਂ ਤੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦਾ ਦੋਸ਼ ਲਗਾਇਆ ਤੇ ਸਾਰੀ ਰਾਤ ਧਰਨਾ ਪ੍ਰਦਰਸ਼ਨ ਕੀਤਾ। ਪੰਜਾਬ ਦੇ ਕਈ ਹਿੱਸਿਆਂ ’ਚ, ਉਮੀਦਵਾਰਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਪਰਗਟ ਸਿੰਘ ਨੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣਾਂ ਦੀ ਵੀਡੀਓਗ੍ਰਾਫੀ ਯਕੀਨੀ ਬਣਾਏ। ਇਸ ਵੀਡੀਓਗ੍ਰਾਫੀ ’ਚ ਨਾ ਸਿਰਫ਼ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣਾ, ਸਗੋਂ ਪੋਲਿੰਗ ਪ੍ਰਕਿਰਿਆ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਚੋਣ ਕਮਿਸ਼ਨ ਨੂੰ ਡਿਪਟੀ ਕਮਿਸ਼ਨਰਾਂ ਤੇ ਰਿਟਰਨਿੰਗ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਗੈਰ-ਕਾਨੂੰਨੀ ਤੌਰ ਤੇ ਰੱਦ ਨਾ ਕੀਤੀਆਂ ਜਾਣ।