ਦੁਕਾਨਾਂ ਤੇ ਘਰ ਖਾਲੀ ਕਰਵਾਉਣ ਤੋਂ ਪਹਿਲਾਂ ਸਰਕਾਰ ਮੁਹੱਲਾ ਵਾਸੀਆਂ ਲਈ ਪੁਖਤਾ ਪ੍ਰਬੰਧ ਕਰੇ : ਢੇਸੀ
ਦੁਕਾਨਾਂ ਤੇ ਘਰ ਖਾਲੀ ਕਰਵਾਉਣ ਤੋਂ ਪਹਿਲਾਂ ਸਰਕਾਰ ਮਹੱਲਾ ਵਾਸੀਆਂ ਲਈ ਪੁਖਤਾ ਪ੍ਰਬੰਧ ਕਰੇ: ਢੇਸੀ
Publish Date: Sun, 05 Apr 2026 06:14 PM (IST)
Updated Date: Mon, 06 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸਰਕਾਰਾਂ ਇਕ ਪਾਸੇ ਲੋਕਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਦੇ ਦਾਅਵੇ ਕਰਦੀਆਂ ਹਨ, ਜਦਕਿ ਦੂਜੇ ਪਾਸੇ ਕਈ ਸਾਲਾਂ ਤੋਂ ਆਪਣੇ ਘਰਾਂ ਤੇ ਦੁਕਾਨਾਂ ’ਚ ਰਹਿ ਰਹੇ ਗਰੀਬ ਲੋਕਾਂ ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਫਿਲੌਰ ਦੇ ਕਲਸਾ ਨਗਰ ’ਚ ਵੇਖਣ ਨੂੰ ਮਿਲ ਰਹੀ ਹੈ, ਜਿੱਥੇ ਪ੍ਰਸ਼ਾਸਨ ਵੱਲੋਂ ਮੁਹੱਲਾ ਵਾਸੀਆਂ ਨੂੰ ਆਪਣੀਆਂ ਦੁਕਾਨਾਂ ਤੇ ਘਰ ਖਾਲੀ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਮੌਕੇ ’ਤੇ ਪਹੁੰਚ ਰਹੇ ਹਨ ਤੇ ਮੰਚਾਂ ਤੋਂ ਆਪਣੀ ਹਮਦਰਦੀ ਜਤਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਸਵਾਲ ਇਹ ਵੀ ਉਠਦਾ ਹੈ ਕਿ ਇਹ ਹਮਦਰਦੀ ਸੱਚੀ ਹੈ ਜਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਧਿਆਨ ’ਚ ਰੱਖ ਕੇ ਕੀਤੀ ਜਾ ਰਹੀ ਹੈ। ਇਹ ਗੱਲਾਂ ਬੀਕੇਯੂ ਦੁਆਬਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ ਢੇਸੀ, ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ ਤੇ ਸਰਕਲ ਪ੍ਰਧਾਨ ਗੁਰਾਇਆ ਰਣਜੀਤ ਸਿੰਘ ਖੇਲਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮਹੱਲਾ ਵਾਸੀਆਂ ਤੋਂ ਦੁਕਾਨਾਂ ਜਾਂ ਮਕਾਨ ਖਾਲੀ ਕਰਵਾਉਣਾ ਚਾਹੁੰਦੀ ਹੈ, ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦੇ ਰੁਜ਼ਗਾਰ ਤੇ ਰਹਿਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਚਾਹੀਦੇ ਹਨ, ਤਾਂ ਜੋ ਕੋਈ ਵੀ ਵਿਅਕਤੀ ਬੇਘਰ ਜਾਂ ਬੇਰੁਜ਼ਗਾਰ ਨਾ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ ਜ਼ਬਰਦਸਤੀ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਜੱਥੇਬੰਦੀਆਂ ਮੁਹੱਲਾ ਵਾਸੀਆਂ ਨਾਲ ਮਿਲ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ।