ਜਨਤਕ ਸਮੱਸਿਆਵਾਂ ਵੱਲ ਧਿਆਨ ਦੇਵੇ ਸਰਕਾਰ : ਨੰਬਰਦਾਰ
ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ ਸਰਕਾਰ: ਕੁਲਦੀਪ ਸਿੰਘ ਨੰਬਰਦਾਰ
Publish Date: Wed, 18 Mar 2026 06:24 PM (IST)
Updated Date: Wed, 18 Mar 2026 06:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਜਮਹੂਰੀ ਕਿਸਾਨ ਸਭਾ ਫਿਲੌਰ ਦੇ ਪ੍ਰਧਾਨ ਕੁਲਦੀਪ ਸਿੰਘ ਨੰਬਰਦਾਰ ਨੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸਰਕਾਰ ਤੇ ਪ੍ਰਸ਼ਾਸਨ ਦਾ ਧਿਆਨ ਖਿੱਚਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਗੰਦਾ ਪਾਣੀ ਦਰਿਆਵਾਂ ’ਚ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ। ਇਹ ਪ੍ਰਦੂਸ਼ਣ ਫਸਲਾਂ ਤੇ ਮਨੁੱਖੀ ਸਿਹਤ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ। ਉਨ੍ਹਾਂ ਨੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਨੇ ਗੈਸ ਸਿਲੰਡਰਾਂ ਦੀ ਸਪਲਾਈ ਸਬੰਧੀ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਹਾਲਾਂਕਿ ਪ੍ਰਸ਼ਾਸਨ ਵੱਲੋਂ ਸਹੂਲਤਾਂ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਹਕੀਕਤ ’ਚ ਉਪਭੋਗਤਾਵਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਦੇ ਬਾਵਜੂਦ ਗੈਸ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ ਤੇ ਕਈ ਵਾਰ 25 ਦਿਨ ਬਾਅਦ ਵੀ ਬੁਕਿੰਗ ਕਰਨ ’ਤੇ ਸਿਲੰਡਰ ਪ੍ਰਾਪਤ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਹਲਵਾਈਆਂ, ਢਾਬਿਆਂ ਤੇ ਹੋਰ ਵਪਾਰਕ ਇਕਾਈਆਂ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਗਲਤ ਵਰਤੋਂ ਵੀ ਜਾਰੀ ਹੈ, ਜਿਸ ਨਾਲ ਆਮ ਉਪਭੋਗਤਾਵਾਂ ਨੂੰ ਹੋਰ ਵੱਧ ਦਿੱਕਤਾਂ ਆ ਰਹੀਆਂ ਹਨ। ਕੁਲਦੀਪ ਸਿੰਘ ਨੰਬਰਦਾਰ ਨੇ ਸਬੰਧਤ ਵਿਭਾਗ ਨੂੰ ਅਪੀਲ ਕੀਤੀ ਕਿ ਗੈਸ ਸਪਲਾਈ ਤੇ ਹੋਰ ਬੁਨਿਆਦੀ ਸਮੱਸਿਆਵਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣਾ ਕੰਮਕਾਜ ਛੱਡ ਕੇ ਪਰੇਸ਼ਾਨ ਨਾ ਹੋਣਾ ਪਵੇ।