ਜਤਿੰਦਰ ਪੰਮੀ, ਜਲੰਧਰ

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਗਏ ਐਕਸ਼ਨ ਤਹਿਤ ਅੱਜ ਸਰਕਾਰੀ ਦਫਤਰਾਂ ਦੇ ਬਾਊਆਂ ਨੇ ਕਲਮ ਛੋੜ ਹੜਤਾਲ ਕੀਤੀ। ਹੜਤਾਲ ਕਾਰਨ ਡੀਸੀ ਦਫਤਰ ਵਿਚਲੇ ਸਾਰੇ ਸਰਕਾਰੀ ਦਫਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਅਤੇ ਆਪਣੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵੇਰੇ ਕਈ ਦਫਤਰਾਂ 'ਚ ਕੁਝ ਮੁਲਾਜ਼ਮ ਕੰਮ ਕਰਨ ਲੱਗ ਪਏ ਪਰ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਨੇ ਦਫਤਰਾਂ 'ਚ ਜਾ ਕੇ ਉਨ੍ਹਾਂ ਨੂੰ ਕੰਮ ਕਰਨ ਤੋਂ ਰੋਕ ਦਿੱਤਾ ਅਤੇ ਹੜਤਾਲ 'ਚ ਸ਼ਾਮਲ ਹੋਣ ਲਈ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਤੇ ਜਨਰਲ ਸਕੱਤਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਮਨਿਸਟਰੀਅਲ ਸਟਾਫ ਵੱਲੋਂ ਅੱਜ ਤੋਂ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ 14 ਅਗਸਤ ਤਕ ਚੱਲੇਗੀ ਅਤੇ ਇਸ ਦੌਰਾਨ ਦਫਤਰੀ ਮੁਲਾਜ਼ਮ ਕੋਈ ਵੀ ਸਰਕਾਰੀ ਕੰਮਕਾਜ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਵੱਲੋਂ ਨਾ ਮੰਨੇ ਜਾਣ ਦੇ ਰੋਸ ਵਜੋਂ ਵਿੱਿਢਆ ਗਿਆ ਹੈ ਅਤੇ 9 ਦਿਨਾਂ ਤਕ ਇਸੇ ਤਰ੍ਹਾਂ ਲਗਾਤਾਰ ਸੰਘਰਸ਼ ਜਾਰੀ ਰਹੇਗਾ। ਮੰਗਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਤੇ ਜਨਰਲ ਸਕੱਤਰ ਨੇ ਦੱਸਿਆ ਕਿ ਇਹ ਹੜਤਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਨਵੀਂ ਪੂਰੇ ਤਨਖਾਹ ਸਕੇਲ ਉਪਰ ਕਰਨ ਤੇ ਪ੍ਰਰੋਬੇਸ਼ਨ ਸਮੇਂ ਦੌਰਾਨ ਪੂਰੇ ਭੱਤਿਆਂ ਸਮੇਤ ਤਨਖਾਹ ਦੇਣਾ, ਨਵੀਂ ਭਰਤੀ 'ਤੇ ਕੇਂਦਰ ਦਾ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਵਾਪਸ ਲੈਣ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲੈ ਕੇ ਇਸ ਨੂੰ ਲਾਗੂ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨ, 200 ਰੁਪਏ ਵਿਕਾਸ ਟੈਕਸ ਤੇ ਮੋਬਾਈਲ ਭੱਤੇ ਘਟਾਏ ਜਾਣ ਦਾ ਫੈਸਲਾ ਵਾਪਸ ਲੈਣ, ਕੈਸ਼ਲੈੱਸ ਹੈਲਥ ਸਕੀਮ ਲਾਗੂ ਕਰਨ, ਕੱਚੇ/ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੁਆਇੰਟ ਐਕਸ਼ਨ ਕਮੇਟੀ ਸਹਿਕਾਰਤਾ ਵਿਭਾਗ ਦੇ ਆਡਿਟ ਵਿੰਗ ਦੇ ਨਿਰੀਖਕਾਂ ਦੀ ਬਿਨਾਂ ਵਿਭਾਗੀ ਪੜਤਾਲ ਦੇ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਕਮੇਟੀ ਪੁਲਿਸ ਪ੍ਰਸ਼ਾਸਨ ਕੋਲੋਂ ਇਹ ਮੰਗ ਕਰਦੀ ਹੈ ਕਿ ਕਿਸੇ ਵੀ ਮੁਲਾਜ਼ਮ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਪੰਜਾਬ ਸਿਵਲ ਸਰਵਿਸਿਜ਼ ਨਿਯਮਾਂ ਮੁਤਾਬਕ ਸਬੰਧਤ ਵਿਭਾਗ ਤੋਂ ਵਿਭਾਗੀ ਪੜਤਾਲ ਕਰਵਾਉਣੀ ਜ਼ਰੂਰੀ ਹੁੰਦੀ ਹੈ। ਜੇ ਪੁਲਿਸ ਵੱਲੋਂ ਇਹ ਧੱਕਾ ਜਾਰੀ ਰਿਹਾ ਤਾਂ ਮੁਲਾਜ਼ਮ ਜਥੇਬੰਦੀਆਂ ਪੁਲਿਸ ਵਿਰੁੱਧ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੀਆਂ। ਉਕਤ ਆਗੂਆਂ ਨੇ ਕਿਹਾ ਕਿ ਇਸ ਲੜੀਵਾਰ ਹੜਤਾਲ ਦੌਰਾਨ ਜੇਕਰ ਆਜ਼ਾਦੀ ਦਿਵਸ ਨਾਲ ਜੁੜੀਆਂ ਤਿਆਰੀਆਂ ਤੇ ਕੋਵਿਡ-19 ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਅਮਨਦੀਪ ਸਿੰਘ, ਸੰਜੀਵ ਸਿੰਘ ਖਾਲਸਾ, ਪ੍ਰਥਮ ਅਰੋੜਾ, ਮਹੇਸ਼ ਕੁਮਾਰ, ਅਸ਼ੋਕ ਕੁਮਾਰ, ਜਗਦੀਸ਼ ਸਲੂਜਾ, ਦਵਿੰਦਰਪਾਲ ਸਿੰਘ, ਰਾਕੇਸ਼ ਕੁਮਾਰ, ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।