ਗ੍ਰਾਮ ਪੰਚਾਇਤ ਸੀਚੇਵਾਲ ਨੂੰ ਐਵਾਰਡ-2026 ਨਾਲ ਕੀਤਾ ਸਨਮਾਨਿਤ
* ਸਨਮਾਨ ਚਿੰਨ੍ਹ, ਇਕ
Publish Date: Fri, 05 Jun 2026 11:44 PM (IST)
Updated Date: Fri, 05 Jun 2026 11:47 PM (IST)
ਸਨਮਾਨ ਚਿੰਨ੍ਹ, ਇਕ ਪੌਦਾ ਤੇ 1 ਲੱਖ ਰੁਪਏ ਦਾ ਚੈੱਕ ਸਨਮਾਨ ਵਜੋਂ ਭੇਟ
ਗਿਆਨ ਸੈਦਪੁਰੀ, ਪੰਜਾਬੀ ਜਾਗਰਣ
ਸ਼ਾਹਕੋਟ : ਗ੍ਰਾਮ ਪੰਚਾਇਤ ਸੀਚੇਵਾਲ ਦਾ ਪੰਜਾਬ ਸਰਕਾਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਐਵਾਰਡ-2026 ਨਾਲ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਾਇੰਸ, ਟੈਕਨੋਲੋਜੀ ਤੇ ਵਾਤਾਵਰਨ ਵਿਭਾਗ ਪੰਜਾਬ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਾਤਾਵਰਨ ਸੁਰੱਖਿਆ ਤੇ ਸੰਭਾਲ ਦੇ ਖੇਤਰ ’ਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਪ੍ਰਸਿੱਧ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਸਮੇਤ ਕਈ ਉੱਚ ਅਧਿਕਾਰੀਆਂ ਤੇ ਵਾਤਾਵਰਨ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਗ੍ਰਾਮ ਪੰਚਾਇਤ ਸੀਚੇਵਾਲ ਨੂੰ ਪੰਜਾਬ ’ਚ ਵਾਤਾਵਰਨ ਸੁਰੱਖਿਆ, ਸਫਾਈ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤੇ ਗਏ ਵਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਪੰਜਾਬ ਸਰਕਾਰ ਵੱਲੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ, ਜਿਸ ਤਹਿਤ ਪੰਚਾਇਤ ਨੂੰ ਇਕ ਸਨਮਾਨ ਚਿੰਨ੍ਹ ਇੱਕ ਪੌਦਾ ਤੇ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਹ ਐਵਾਰਡ ਪਿੰਡ ਵਾਸੀਆਂ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਤੇ ਸਮੂਹਿਕ ਯਤਨਾਂ ਦੀ ਪ੍ਰਮਾਣਿਕਤਾ ਹੈ। ਐਵਾਰਡ ਪ੍ਰਾਪਤ ਕਰਨ ਉਪਰੰਤ ਗ੍ਰਾਮ ਪੰਚਾਇਤ ਸੀਚੇਵਾਲ ਦੇ ਸਰਪੰਚ ਬੂਟਾ ਸਿੰਘ ਤੇ ਸੁਰਜੀਤ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਨੂੰ ਮਿਲਿਆ ਇਹ ਸਨਮਾਨ ਸਮੂਹ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਸਮਾਗਮ ਦੇ ਅੰਤ ’ਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਾਇੰਸ, ਟੈਕਨੋਲੋਜੀ ਤੇ ਵਾਤਾਵਰਨ ਵਿਭਾਗ ਪੰਜਾਬ ਦੇ ਸਕੱਤਰ ਕਮਲ ਕਿਸ਼ੋਰ ਯਾਦਵ (ਆਈਏਐੱਸ) ਤੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਸਮੂਹਿਕ ਤੌਰ ’ਤੇ ਗ੍ਰਾਮ ਪੰਚਾਇਤ ਸੀਚੇਵਾਲ ਨੂੰ ਇਹ ਵੱਕਾਰੀ ਐਵਾਰਡ ਪ੍ਰਦਾਨ ਕੀਤਾ ਗਿਆ। ਇਸ ਸਨਮਾਨ ਨਾਲ ਪਿੰਡ ਸੀਚੇਵਾਲ ਤੇ ਇਲਾਕੇ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਬਾਬਾ ਸੁਰਜੀਤ ਸਿੰਘ ਸ਼ੰਟੀ, ਸਰਪੰਚ ਬੂਟਾ ਸਿੰਘ, ਸੁਲੱਖਣ ਸਿੰਘ, ਗੁਰਮੇਲ ਸਿੰਘ ਅਤੇ ਰਾਮ ਆਸਰਾ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।