ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਨਾਲ ਮਨਾਇਆ
Publish Date: Sat, 24 Jan 2026 06:50 PM (IST)
Updated Date: Sat, 24 Jan 2026 06:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਵਿਖੇ ਖ਼ਾਲਸਾ ਪੰਥ ਦੇ ਸਿਰਜਕ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਾਲਜ ਦੇ ਗੁਰਦੁਆਰਾ ਸਾਹਿਬ ’ਚ ਮਨਾਇਆ ਗਿਆ। ਇਸ ਸਮਾਗਮ ’ਚ ਕਾਲਜ ਦੇ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਹਿਜ ਪਾਠ ਦੇ ਭੋਗ ਉਪਰੰਤ ਭਾਈ ਭਾਰਤ ਸਿੰਘ ਜੀ ਜਵੱਦੀ ਟਕਸਾਲ, ਲੁਧਿਆਣਾ ਵੱਲੋਂ ਰਵਾਇਤੀ ਤੰਤੀ ਸਾਜਾਂ ਨਾਲ ਰਸਭਿੰਨਾ ਕੀਰਤਨ ਕੀਤਾ ਗਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ, ਖ਼ਾਲਸਾ ਪੰਥ ਦੀ ਸਾਜਨਾ ਤੇ ਸਿੱਖ ਧਰਮ ਨੂੰ ਦਿੱਤੀਆਂ ਮਹਾਨ ਬਖ਼ਸ਼ੀਸ਼ਾਂ ਸਬੰਧੀ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਮੀਤ ਪ੍ਰਧਾਨ ਦੀਪਇੰਦਰ ਸਿੰਘ ਪੁਰੇਵਾਲ, ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ, ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਤੇ ਰਸ਼ਪਾਲ ਸਿੰਘ ਪਾਲ ਵੱਲੋਂ ਕੀਰਤਨੀ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਗੁਰੂ ਜੀ ਦੀ ਮਹਾਨ ਸ਼ਖਸੀਅਤ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਨ ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਉੱਚ ਕੋਟੀ ਦੇ ਯੋਧੇ, ਦਾਰਸ਼ਨਿਕ ਤੇ ਮਹਾਨ ਲਿਖਾਰੀ ਵੀ ਸਨ। ਉਨ੍ਹਾਂ ਨੇ ਦੇਸ਼ ਤੇ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ ਤੇ ਮਾਨਵਤਾ ਨੂੰ ਸੱਚ ਤੇ ਇਨਸਾਫ਼ ਦਾ ਰਾਹ ਦਿਖਾਇਆ। ਇਸ ਸਮਾਗਮ ’ਚ ਰਸ਼ਪਾਲ ਸਿੰਘ ਪਾਲ (ਪੰਜਾਬ ਦਾ ਰਫੀ) ਵੱਲੋਂ ਵੀ ਗੁਰੂ ਮਹਿਮਾ ’ਚ ਕਾਵਿ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਹਰਜਿੰਦਰ ਸਿੰਘ ਸੇਖੋ ਨੇ ਸੁਚੱਜੇ ਢੰਗ ਨਾਲ ਨਿਭਾਇਆ। ਅਖੀਰ ’ਚ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।