ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਭਾਗ ਯਤਨਸ਼ੀਲ : ਡਾ. ਗਰਗ
ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਸਿਹਤ ਵਿਭਾਗ ਨਿਰੰਤਰ ਯਤਨਸ਼ੀਲ : ਸਿਵਲ ਸਰਜਨ ਡਾ. ਰਾਜੇਸ਼ ਗਰਗ
Publish Date: Wed, 31 Dec 2025 06:45 PM (IST)
Updated Date: Wed, 31 Dec 2025 06:47 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਡਾ. ਨਮਿਤਾ ਘਈ ਵੱਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ ਤੇ ਇਸਦੇ ਨਾਲ ਹੀ ਲੀਕੁਇਡ ਮੈਡੀਕਲ ਆਕਸੀਜਨ ਪਲਾਂਟ ਸਬੰਧੀ ਕੰਮਕਾਜ ਦੇ ਵੇਰਵੇ ਵਾਚੇ ਗਏ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸਦੇ ਮੱਦੇਨਜ਼ਰ ਵਿਭਾਗ ਵੱਲੋਂ ਸਮੇਂ-ਸਮੇਂ ਤੇ ਸਿਹਤ ਸਟਾਫ ਨੂੰ ਜ਼ਰੂਰੀ ਹਿਦਾਇਤਾਂ ਦਿੱਤੀਆਂ ਜਾਂਦੀਆਂ ਹਨ ਤੇ ਇਸ ਦੇ ਨਾਲ ਹੀ ਲੋੜੀਂਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਜਲੰਧਰ ਵੱਡੀ ਗਿਣਤੀ ’ਚ ਜ਼ਰੂਰਤਮੰਦ ਲੋਕਾਂ ਤੱਕ ਸਿਹਤ ਸੇਵਾਵਾਂ ਨਿਰੰਤਰ ਪਹੁੰਚਾ ਰਿਹਾ ਹੈ। ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੀਕੁਇਡ ਮੈਡੀਕਲ ਆਕਸੀਜਨ (ਐੱਲਐੱਮਓ) ਪਲਾਂਟ ਰਾਂਹੀ ਜ਼ਿਲ੍ਹਾ ਹਸਪਤਾਲ ਵਿਖੇ 5 ਆਪ੍ਰੇਸ਼ਨ ਥਿਏਟਰਾਂ ਨੂੰ ਨਿਰੰਤਰ ਆਕਸੀਜਨ ਦੀ ਸਪਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਰਕੇ ਕਿਸੇ ਵੀ ਗੰਭੀਰ ਸਿਹਤ ਸਮੱਸਿਆ ਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਲਿਕੁਇਡ ਮੈਡੀਕਲ ਆਕਸੀਜਨ ਪਲਾਂਟ (ਐੱਲਐੱਮਓ) ਦੇ ਨੋਡਲ ਅਫਸਰ ਡਾ. ਪ੍ਰਿਤਪਾਲ ਸਿੰਘ ਦੀ ਦੇਖਰੇਖ ’ਚ ਤਿੰਨ ਪਲਾਂਟ ਆਪ੍ਰੇਟਰ ਰਾਜੀਵ ਕੁਮਾਰ, ਕੀਮਤੀ ਲਾਲ ਤੇ ਰਾਜਵਿੰਦਰ ਸਿੰਘ ਦਿਨ-ਰਾਤ ਸੇਵਾਵਾਂ ਨਿਭਾਅ ਰਹੇ ਹਨ। ਮੈਡੀਕਲ ਸੁਪਰਡੈਂਟ ਵੱਲੋਂ ਆਕਸੀਜਨ ਪਲਾਂਟ ਦੇ ਕੰਮਕਾਜ ਨਾਲ ਸਬੰਧਤ ਸਿਹਤ ਸਟਾਫ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਤੇ ਕਿਹਾ ਕਿ ਮਰੀਜ਼ਾਂ ਦੀ ਜਲਦ ਸਿਹਤਯਾਬੀ ਸਾਡੀ ਸਭ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ ਤੇ ਇਸ ਲਈ ਸਾਨੂੰ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਐੱਸਐੱਮਓ ਡਾ. ਵਰਿੰਦਰ ਕੌਰ ਥਿੰਦ ਤੇ ਡਾ. ਪ੍ਰਿਆ ਮੌਜੂਦ ਸਨ।