ਗਰਮੀ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ
ਗਰਮੀ ਨੂੰ ਲੈ ਕੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
Publish Date: Tue, 21 Apr 2026 10:22 PM (IST)
Updated Date: Tue, 21 Apr 2026 10:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਰਮੀ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਦੇ ਤਹਿਤ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਆਪਣੀ ਸਿਹਤ ਪ੍ਰਤੀ ਹੋਰ ਜ਼ਿਆਦਾ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਲੋਕਾਂ ਨੂੰ ਗਰਮੀ ਦੀ ਲਹਿਰ (ਹੀਟ ਵੇਵ) ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਲੋੜ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹੀਟ ਵੇਵ ਨੂੰ ਧਿਆਨ ਵਿੱਚ ਰੱਖਦੇ ਹੋਏ ਖਾਸ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਨਵਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਸਰੀਰਕ ਤੌਰ ‘ਤੇ ਬਿਮਾਰ ਹਨ ਜਾਂ ਦਿਲ ਦੀ ਬਿਮਾਰੀ ਜਾਂ ਉੱਚ ਰਕਤਚਾਪ (ਹਾਈ ਬਲੱਡ ਪ੍ਰੈਸ਼ਰ) ਤੋਂ ਪੀੜਤ ਹਨ, ਉਨ੍ਹਾਂ ਨੂੰ ਗਰਮੀ ਨਾਲ ਵੱਧ ਖਤਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਾਅ ਲਈ ਹਰੀਆਂ ਸਬਜ਼ੀਆਂ ਅਤੇ ਮੌਸਮੀ ਫਲ ਜਿਵੇਂ ਤਰਬੂਜ, ਖਰਬੂਜਾ, ਸੰਤਰਾ ਅਤੇ ਅੰਗੂਰ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਤੇਜ਼ ਸਿਰਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਵਿੱਚ ਕਮਜ਼ੋਰੀ, ਉਲਟੀ ਆਉਣਾ, ਦਿਲ ਦੀ ਧੜਕਨ ਤੇਜ਼ ਹੋਣਾ ਇਹ ਸਾਰੇ ਗਰਮੀ ਦੇ ਪ੍ਰਭਾਵ ਦੇ ਲੱਛਣ ਹਨ। ਜਿਹੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਸੰਭਵ ਹੋਵੇ ਤਾਂ ਬਾਹਰ ਦਾ ਕੰਮ ਦੁਪਹਿਰ ਤੋਂ ਪਹਿਲਾਂ ਜਾਂ ਸ਼ਾਮ ਦੇ ਸਮੇਂ ਹੀ ਕੀਤਾ ਜਾਵੇ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਹਿਨੋ ਤੇ ਧੁੱਪ ਤੋਂ ਬਚਾਅ ਲਈ ਛਤਰੀ, ਟੋਪੀ ਜਾਂ ਤੌਲੀਆ ਵਰਤੋਂ। ਜੇ ਧੁੱਪ ’ਚ ਜਾਣਾ ਬਹੁਤ ਜ਼ਰੂਰੀ ਹੋਵੇ ਤਾਂ ਆਪਣੇ ਨਾਲ ਪਾਣੀ ਲੈ ਕੇ ਜਾਓ ਅਤੇ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਪਾਣੀ ਪੀਂਦੇ ਰਹੋ। ਹਾਲਾਂਕਿ ਮਿਰਗੀ, ਦਿਲ ਦੀ ਬਿਮਾਰੀ ਅਤੇ ਗੁਰਦੇ ਜਾਂ ਜਿਗਰ ਦੀ ਬਿਮਾਰੀ ਨਾਲ ਪੀੜਤ ਉਹ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ’ਤੇ ਹਨ। ਜ਼ਰੂਰਤ ਪੈਣ ‘ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ-ਫ੍ਰੀ ਨੰਬਰ 108 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਿਹਤ ਸਬੰਧੀ ਹੋਰ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।