- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀ.ਜੀ.ਆਈ. ਚੰਡੀਗੜ੍ਹ ਵਿੱਚ ਵੀ ਚੱਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ,

ਯੋਗ ਪਰਿਵਾਰਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ : ਮਾਨ
ਧੀਰਜ ਮਰਵਾਹਾ, ਪੰਜਾਬੀ ਜਾਗਰਣ ਨਕੋਦਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਪੀ.ਜੀ.ਆਈ. ਚੰਡੀਗੜ੍ਹ ’ਚ ਵੀ ਸਿਹਤ ਯੋਜਨਾ ਦਾ ਕਾਰਡ ਚੱਲਣਾ ਸ਼ੁਰੂ ਹੋ ਗਿਆ ਹੈ। ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਯੋਗ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਤੇ ਕੈਸ਼ਲੈੱਸ ਇਲਾਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਿਹਤ ਕਾਰਡ ਰਾਹੀਂ ਦਿਲ, ਗੁਰਦੇ, ਕੈਂਸਰ, ਨਿਊਰੋ ਸਰਜਰੀ ਅਤੇ ਸੜਕ ਹਾਦਸਿਆਂ ਵਰਗੇ ਗੰਭੀਰ ਇਲਾਜਾਂ ਸਮੇਤ 2,000 ਤੋਂ ਵੱਧ ਮੈਡੀਕਲ ਪੈਕੇਜਾਂ ਦਾ ਲਾਭ ਲਿਆ ਜਾ ਸਕਦਾ ਹੈ। ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਹਸਪਤਾਲ ’ਚ ਸਥਾਪਤ ‘ਆਯੂਸ਼ਮਾਨ ਮਿੱਤਰ’ ਕਾਊਂਟਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 104 ਅਤੇ 14555 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਬੀਬੀ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਕਈ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਸਿਹਤ ਤੇ ਹੋਰ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।