3 ਮਹੀਨਿਆਂ ਤੋਂ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਤਿੰਨ ਮਹੀਨਿਆਂ ਤੋਂ ਹੜਤਾਲ 'ਤੇ ਐੱਨਐੱਚਐੱਮ ਕਰਮਚਾਰੀ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
Publish Date: Fri, 20 Nov 2026 10:02 PM (IST)
Updated Date: Fri, 20 Nov 2026 10:04 PM (IST)
-54 ਤੋਂ ਵੱਧ ਮੀਟਿੰਗਾਂ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕਰਨ ਦਾ ਦੋਸ਼, 27 ਨਵੰਬਰ ਤੋਂ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ ਪੰਜਾਬ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੜਤਾਲ ਕਾਰਨ ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਚੱਲ ਰਹੀ ਇਸ ਹੜਤਾਲ ’ਚ ਸੀਐੱਚਓ, ਏਐੱਨਐੱਮ, ਆਰਬੀਐੱਸਕੇ ਟੀਮਾਂ, ਸਟਾਫ ਨਰਸਾਂ, ਫਾਰਮੇਸੀ ਅਫ਼ਸਰਾਂ, ਲੈਬ ਟੈਕਨੀਸ਼ੀਅਨਾਂ, ਟੀਬੀ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਸਮੇਤ ਵੱਖ-ਵੱਖ ਕਾਡਰਾਂ ਦੇ ਕਰਮਚਾਰੀ ਸ਼ਾਮਲ ਹਨ। ਇਸੇ ਸਬੰਧ ’ਚ ਸ਼ੁੱਕਰਵਾਰ ਨੂੰ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਐੱਨਐੱਚਐੱਮ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਅਨੁਸਾਰ ਹੜਤਾਲ ਕਾਰਨ ਸੂਬੇ ਦੇ ਲਗਭਗ 2,000 ਆਯੁਸ਼ਮਾਨ ਸਿਹਤ ਕੇਂਦਰਾਂ ਵਿੱਚ ਓਪੀਡੀ ਸੇਵਾਵਾਂ, ਨਿਯਮਤ ਸਿਹਤ ਜਾਂਚ, ਦਵਾਈਆਂ ਦੀ ਵੰਡ ਅਤੇ ਸ਼ੂਗਰ, ਬਲੱਡ ਪ੍ਰੈਸ਼ਰ, ਕੈਂਸਰ ਤੇ ਟੀਬੀ ਦੀ ਜਾਂਚ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਲਗਭਗ 27,000 ਆਂਗਣਵਾੜੀ ਕੇਂਦਰਾਂ ਅਤੇ 20,000 ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਹੋਣ ਵਾਲੀਆਂ ਸਿਹਤ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਆਰਬੀਐੱਸਕੇ ਟੀਮਾਂ ਦੀ ਹੜਤਾਲ ਕਾਰਨ ਬੱਚਿਆਂ ਦੀ ਸਿਹਤ ਜਾਂਚ, ਹੀਮੋਗਲੋਬਿਨ ਟੈਸਟ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਕਈ ਮੰਤਰੀ ਪਹਿਲਾਂ ਉਨ੍ਹਾਂ ਦੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਰੈਗੂਲਰ ਕਰਨ ਦੇ ਵਾਅਦੇ ਕਰ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਨੂੰ ਅੱਗੇ ਵਧਾਉਂਦਿਆਂ 20 ਅਤੇ 23 ਨਵੰਬਰ ਨੂੰ ਚੰਡੀਗੜ੍ਹ ਸਥਿਤ ਐੱਨਐੱਚਐੱਮ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 25 ਨਵੰਬਰ ਨੂੰ ਹੋਣ ਵਾਲੀ ਭਲਾਈ ਕਮੇਟੀ ਦੀ ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਠੋਸ ਪ੍ਰਸਤਾਵ ਪੇਸ਼ ਕਰਨ ਦੀ ਮੰਗ ਕੀਤੀ ਜਾਵੇਗੀ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ 25 ਨਵੰਬਰ ਦੀ ਮੀਟਿੰਗ ਵਿੱਚ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ 27 ਨਵੰਬਰ ਤੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।