ਪਿ੍ਰਤਪਾਲ ਸਿੰਘ, ਸ਼ਾਹਕੋਟ : ਬਲਾਕ ਦੇ ਪਿੰਡ ਮਹਿਮੂਵਾਲ ਯੂਸਫਪੁਰ ਦੀ ਇਕ ਬਜ਼ੁਰਗ ਮਹਿਲਾ ਸਵਾਈਨ ਫਲੂ ਅਤੇ ਕੋਰੋਨਾ ਵਾਇਰਸ ਤੋਂ ਸੰਕ੍ਮਿਤ ਮਿਲੀ ਹੈ। ਪਰਿਵਾਰਕ ਮੈਂਬਰ ਮਹਿਲਾ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਲੈ ਕੇ ਗਏ ਸਨ, ਜਿੱਥੇ ਜਾਂਚ ਵਿਚ ਉਸ ਦੇ ਦੋਹਾਂ ਬਿਮਾਰੀਆਂ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਸੋਮਵਾਰ ਸ਼ਾਮ ਪੀਜੀਆਈ ਤੋਂ ਮਿਲੀ ਰਿਪੋਰਟ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਮਹਿਲਾ ਦੇ ਪਰਿਵਾਰ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਘਰ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਅੌਰਤ ਦੇ ਸੰਪਰਕ ਵਿਚ ਆਏ ਪਰਿਵਾਰਕ ਮੈਂਬਰਾਂ ਤੇ ਗੁਆਂਢੀਆਂ ਦੀ ਸਿਹਤ ਜਾਂਚ ਕੀਤੀ ਗਈ। ਕਿਸੇ ਨੂੰ ਵੀ ਸਵਾਈਨ ਫਲੂ ਜਾਂ ਕੋਰੋਨਾ ਦੇ ਲੱਛਣ ਨਹੀਂ ਹਨ। ਸਾਵਧਾਨੀ ਦੇ ਤੌਰ 'ਤੇ ਇਨ੍ਹਾਂ ਦਾ ਕੋਰੋਨਾ ਟੈਸਟ ਬੁੱਧਵਾਰ ਨੂੰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੇੜਲੇ ਘਰਾਂ ਵਿਚ ਵੀ ਸਰਵੇਖਣ ਕੀਤਾ ਗਿਆ ਹੈ।