ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਮਿਲੇ ਮੁਆਵਜ਼ਾ : ਢੀਂਡਸਾ
ਬੇਮੌਸਮੀ ਮੀਂਹ ਤੇ ਗੜਿਆਂ ਨਾਲ ਫਸਲਾਂ ਨੂੰ ਭਾਰੀ ਨੁਕਸਾਨ, ਕਿਸਾਨਾਂ ਲਈ ਮੁਆਵਜ਼ੇ ਦੀ ਮੰਗ
Publish Date: Mon, 06 Apr 2026 06:34 PM (IST)
Updated Date: Mon, 06 Apr 2026 06:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਬੀਤੇ ਦਿਨੀਂ ਪਏ ਬੇਮੌਸਮੀ ਮੀਂਹ ਤੇ ਗੜਿਆਂ ਕਾਰਨ ਕਣਕ ਸਮੇਤ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਫਿਲੌਰ ਦੇ ਅਹੁਦੇਦਾਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਬਲਾਕ ਪ੍ਰਧਾਨ ਜਸਮੇਰ ਸਿੰਘ ਢੀਂਡਸਾ, ਜ਼ਿਲ੍ਹਾ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਮਾਹਲ, ਸਕੱਤਰ ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਸਰਕਲ ਪ੍ਰਧਾਨ ਕੁਲਵੀਰ ਸਿੰਘ ਚੀਮਾ (ਗੁਰਾਇਆ), ਵਾਈਸ ਪ੍ਰਧਾਨ ਸੁਖਦੀਪ ਸਿੰਘ ਭਾਰਸਿੰਘਪੁਰ, ਕਮਲਜੀਤ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ’ਚ ਮੀਂਹ ਤੇ ਗੜਿਆਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ’ਚ ਆਏ ਹੜ੍ਹਾਂ ਦੌਰਾਨ ਫਸਲਾਂ, ਘਰਾਂ, ਦੁਕਾਨਾਂ ਤੇ ਪਸ਼ੂਆਂ ਦਾ ਵੱਡਾ ਨੁਕਸਾਨ ਹੋਇਆ ਸੀ ਪਰ ਕਈ ਥਾਵਾਂ ’ਤੇ ਸਰਕਾਰ ਵੱਲੋਂ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਵਾਅਦਾ ਕੀਤਾ ਗਿਆ ਸੀ, ਜਿਸਨੂੰ ਹੁਣ ਪੂਰਾ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਜਾਰੀ ਕੀਤਾ ਜਾਵੇ।