ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ
ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ
Publish Date: Thu, 09 Apr 2026 09:03 PM (IST)
Updated Date: Thu, 09 Apr 2026 09:05 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਮਾਰਚ ਦੇ ਅਖੀਰ ਤੇ ਅਪ੍ਰੈਲ ਦੀ ਸ਼ੁਰੂਆਤ ’ਚ ਹੋਈ ਬੇਮੌਸਮੀ ਬਾਰਸ਼, ਤੇਜ਼ ਹਵਾਵਾਂ ਤੇ ਭਾਰੀ ਗੜੇਮਾਰੀ ਨੇ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਲਗਾਤਾਰ ਹੋਈ ਬਾਰਸ਼ ਕਰਕੇ ਖੇਤਾਂ ਵਿਚ ਖੜ੍ਹੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪ੍ਰੈੱਸ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜਿਸ ਨੂੰ ਦੇਸ਼ ਦਾ ਅੰਨ ਭੰਡਾਰ ਕਿਹਾ ਜਾਂਦਾ ਹੈ, ਅੱਜ ਕੁਦਰਤ ਦੀ ਮਾਰ ਤੇ ਨੀਤੀਗਤ ਕਮੀਆਂ ਕਾਰਨ ਸੰਕਟ ’ਚ ਹੈ। ਬਠਿੰਡਾ, ਮਾਨਸਾ, ਮੁਕਤਸਰ ਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ’ਚ 80% ਤੱਕ ਫਸਲ ਦੇ ਨੁਕਸਾਨ ਦੀਆਂ ਖਬਰਾਂ ਹਨ। 2025 ’ਚ ਵੀ ਪੰਜਾਬ ’ਚ ਆਏ ਹੜ੍ਹਾਂ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਸੀ। ਸਰਕਾਰ ਨੂੰ ਸਿਰਫ਼ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਸਰਕਾਰ ਨੂੰ ਤੁਰੰਤ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਵਾਸਤੇ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਸੰਕਟ ਦੀ ਘੜੀ ’ਚ ਗੈਰ-ਸਰਕਾਰੀ ਸੰਗਠਨਾਂ, ਧਾਰਮਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਤੇ ਹੋਰ ਭਲਾਈ ਸੰਸਥਾਵਾਂ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਤੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਪੰਜਾਬ ਦੇ ਕਿਸਾਨਾਂ ਨੂੰ ਇਸ ਸੰਕਟ ’ਚ ਇਕੱਲਾ ਨਹੀਂ ਛੱਡਿਆ ਜਾਣਾ ਚਾਹੀਦਾ। ਇਸ ਤੋਂ ਪਹਿਲਾਂ ਆਲੂਆਂ ਦੀ ਹੋਈ ਦੁਰਗਤੀ ਨਾਲ ਵੀ ਕਿਸਾਨ ਪਰੇਸ਼ਾਨੀ ਝੱਲ ਰਿਹਾ ਹੈ ਤੇ ਹੁਣ ਕਣਕ ਤੇ ਹੋਈ ਗੜੇਮਾਰੀ ਨਾਲ ਵੀ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਵੇਗਾ।