ਪੰਜਾਬ ਭਵਨ ਦਿੱਲੀ ’ਚ ਕਾਂਗਰਸ ਨੇ ਸੰਗਠਨ ਮਜ਼ਬੂਤੀ ਦੀ ਬਣਾਈ ਰਣਨੀਤੀ ਪੰਜਾਬ ਭਵਨ ਦਿੱਲੀ ਵਿਖੇ ਕਾਂਗਰਸ ਤੇ ਯੂਥ ਕਾਂਗਰਸ ਦੀ ਉੱਚ ਪੱਧਰੀ ਮੀਟਿੰਗ: ਸੰਗਠਨ ਨੂੰ ਮਜ਼ਬੂਤ ਕਰਨ ਲਈ ਬਣਾਈ ਵਿਸ਼ੇਸ਼ ਰਣਨੀਤੀ
Publish Date: Mon, 05 Oct 2026 09:33 PM (IST)
Updated Date: Mon, 05 Oct 2026 09:35 PM (IST)
ਗੁਰਪਾਲ ਸਿੰਘ ਸਾਬੀ, ਪੰਜਾਬੀ ਜਾਗਰਣ, ਭੋਗਪੁਰ : ਪੰਜਾਬ ਦੀ ਸਿਆਸਤ ਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਇਕ ਅਹਿਮ ਤੇ ਉੱਚ ਪੱਧਰੀ ਮੀਟਿੰਗ ਕਰਵਾਈ। ਇਸ ਮੀਟਿੰਗ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਮੁਕੇਸ਼ ਰਾਏ, ਅਸ਼ਵਨ ਭੱਲਾ, ਹਨੀ ਜੋਸ਼ੀ ਤੇ ਜ਼ਿਲ੍ਹਾ ਯੂਥ ਕਾਂਗਰਸ ਹੁਸ਼ਿਆਰਪੁਰ ਦੇ ਪ੍ਰਧਾਨ ਰੋਹਨਿਸ਼ ਓਹਰੀ ਨੋਨੂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। -------------------- ਸੰਗਠਨ ਦੀ ਮਜ਼ਬੂਤੀ ਤੇ ਭਵਿੱਖੀ ਰਣਨੀਤੀ ਤੇ ਗੰਭੀਰ ਮੰਥਨ ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਅਤੇ ਯੂਥ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਗੰਭੀਰ ਚਰਚਾ ਕੀਤੀ ਗਈ। ਆਗੂਆਂ ਨੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ, ਨੌਜਵਾਨਾਂ ਦੇ ਮੁੱਦਿਆਂ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਂਝੀ ਰਣਨੀਤੀ ਉੱਤੇ ਵਿਚਾਰ-ਵਟਾਂਦਰਾ ਕੀਤਾ।ਪ੍ਰਧਾਨ ਪਰਗਟ ਸਿੰਘ ਨੇ ਯੂਥ ਕਾਂਗਰਸ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਹੀ ਪਾਰਟੀ ਦੀ ਅਸਲ ਤਾਕਤ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ----------------------------- ਨੌਜਵਾਨਾਂ ਦੀ ਆਵਾਜ਼ ਬੁਲੰਦ ਕਰੇਗੀ ਯੂਥ ਕਾਂਗਰਸ : ਸ਼ੁਭਮ ਸ਼ਰਮਾ / ਮੁਕੇਸ਼ ਰਾਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਇੰਚਾਰਜ ਮੁਕੇਸ਼ ਰਾਏ ਨੇ ਭਰੋਸਾ ਦਿਵਾਇਆ ਕਿ ਯੂਥ ਕਾਂਗਰਸ ਸੂਬੇ ਦੇ ਨੌਜਵਾਨਾਂ ਦੇ ਹੱਕਾਂ, ਰੁਜ਼ਗਾਰ ਅਤੇ ਲੋਕ-ਹਿੱਤੂ ਮੁੱਦਿਆਂ ਤੇ ਡਟ ਕੇ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਨਾਲ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰਿਆ ਹੈ ਅਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਉੱਭਰੇਗੀ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਹੁਸ਼ਿਆਰਪੁਰ ਦੇ ਪ੍ਰਧਾਨ ਰੋਹਨਿਸ਼ ਓਹਰੀ ਨੋਨੂ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਯੂਥ ਕਾਂਗਰਸ ਨੂੰ ਨਵੀਂਆਂ ਬੁਲੰਦੀਆਂ ਤੇ ਲੈ ਕੇ ਜਾਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਵਾਰਡ ਪੱਧਰ ਤੇ ਮਜ਼ਬੂਤ ਟੀਮਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾ ਸਕੇ। ਮੀਟਿੰਗ ਦੌਰਾਨ ਆਗੂ ਅਸ਼ਵਨ ਭੱਲਾ ਅਤੇ ਹਨੀ ਜੋਸ਼ੀ ਨੇ ਵੀ ਆਪਣੇ ਅਹਿਮ ਸੁਝਾਅ ਦਿੱਤੇ ਅਤੇ ਆਖਿਆ ਕਿ ਸਾਰੇ ਆਗੂ ਤੇ ਵਰਕਰ ਚਟਾਨ ਵਾਂਗ ਇੱਕਜੁੱਟ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ। ਮੀਟਿੰਗ ਦੇ ਅੰਤ ’ਚ ਸਾਰੇ ਆਗੂਆਂ ਨੇ ਪੰਜਾਬ ਦੇ ਵਿਕਾਸ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ।