ਅਰਬਨ ਸਟੇਟ ’ਚ ਤੇਜ਼ ਰਫ਼ਤਾਰ ਕਾਰਾਂ ਦੀ ਟੱਕਰ
ਜਾਗਰਣ ਸੰਵਾਦਦਾਤਾ, ਜਲੰਧਰ :
Publish Date: Sat, 18 Apr 2026 02:00 AM (IST)
Updated Date: Sat, 18 Apr 2026 02:03 AM (IST)
ਜਾਗਰਣ ਸੰਵਾਦਦਾਤਾ, ਜਲੰਧਰ : ਜਲੰਧਰ ਦੇ ਅਰਬਨ ਐਸਟੇਟ ਫੇਜ਼-2 ਵਿਚ ਵੀਰਵਾਰ ਰਾਤ ਦੇ ਸਮੇਂ ਦੋ ਤੇਜ਼ ਰਫ਼ਤਾਰ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਇੰਨਾ ਜ਼ੋਰਦਾਰ ਸੀ ਕਿ ਦੋਵਾਂ ਗੱਡੀਆਂ ਕਾਫੀ ਨੁਕਸਾਨੀਆਂ ਗਈਆਂ। ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਮਗਰੋਂ ਮੌਕੇ 'ਤੇ ਮੌਜੂਦ ਲੋਕਾਂ ’ਚ ਕਾਫੀ ਹਫੜਾ-ਦਫੜੀ ਮਚ ਗਈ। ਇਕ ਕਾਰ ਚਾਲਕ ਵਿਸ਼ਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ, ਜਦੋਂ ਦੂਜੀ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਗੱਡੀ ਨੂੰ ਟੱਕਰ ਮਾਰੀ। ਵਿਸ਼ਾਲ ਨੇ ਦੋਸ਼ ਲਾਇਆ ਕਿ ਦੂਜੀ ਕਾਰ ਨੂੰ ਇਕ ਨਾਬਾਲਿਗ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਹੋਇਆ।
ਪੀੜਤ ਧਿਰ ਦਾ ਦੋਸ਼ ਸੀ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ-7 ਦੇ ਇੰਚਾਰਜ ਰਮੇਸ਼ ਕੁਮਾਰ ਮੌਕੇ 'ਤੇ ਪਹੁੰਚੇ ਪਰ ਉਨ੍ਹਾਂ ਨੇ ਉਨ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਨਹੀਂ ਲਿਆ। ਵਿਸ਼ਾਲ ਨੇ ਦੱਸਿਆ ਕਿ ਪੁਲਿਸ ਨੇ ਨਾ ਤਾਂ ਚਾਲਕ ਦਾ ਲਾਇਸੈਂਸ ਚੈੱਕ ਕੀਤਾ ਤੇ ਨਾ ਹੀ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣੀ। ਚਾਲਕ ਦਾ ਪਿਤਾ ਮੌਕੇ 'ਤੇ ਪਹੁੰਚ ਕੇ ਪੁਲਿਸ ਨਾਲ ਗੱਲਬਾਤ ਕਰਦਾ ਰਿਹਾ ਤੇ ਆਪਣੇ ਪੁੱਤਰ ਨੂੰ ਨਾਲ ਲੈ ਕੇ ਚਲਾ ਗਿਆ, ਜਦੋਂਕਿ ਪੁਲਿਸ ਮੂਕ ਦਰਸ਼ਕ ਬਣੀ ਰਹੀ। ਇਕ ਔਰਤ ਪੀੜਤ ਨੇ ਵੀ ਪੁਲਿਸ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਪੁਲਿਸ ਮੁਲਾਜ਼ਮ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਦੂਜੇ ਪਾਸੇ, ਥਾਣਾ ਸੱਤ ਦੇ ਇੰਚਾਰਜ ਰਮੇਸ਼ ਕੁਮਾਰ ਨੇ ਦੱਸਿਆ ਕਿ ਦੋਵਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਾਂਚ ਮਗਰੋਂ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।