ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਜਲੰਧਰ ਤਿਆਰ ਜਲੰਧਰ ਪੁਰਸ਼ ਏਸ਼ੀਆਈ ਹਾਕੀ ਚੈਂਪੀਅਨਸਜ਼ ਟਰਾਫੀ 2026 ਲਈ ਤਿਆਰ
Publish Date: Sat, 24 Oct 2026 07:31 PM (IST)
Updated Date: Sat, 24 Oct 2026 07:34 PM (IST)
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਅੰਤਿਮ ਤਿਆਰੀਆਂ ਦੀ ਕੀਤੀ ਸਮੀਖਿਆ ਨਿਰਵਿਘਨ ਸੰਚਾਲਨ, ਅੰਤਰਰਾਸ਼ਟਰੀ ਪ੍ਰੋਟੋਕੋਲ ਤੇ ਪੁਖਤਾ ਸੁਰੱਖਿਆ ’ਤੇ ਦਿੱਤਾ ਜ਼ੋਰ ਸ਼ੈਲੀ, ਪੰਜਾਬੀ ਜਾਗਰਣ ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਆਗਾਮੀ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਂਝੇ ਤੌਰ ’ਤੇ ਵਿਸਥਾਰਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਪ੍ਰਸ਼ਾਸਕੀ ਅਤੇ ਪੁਲਿਸ ਅਧਿਕਾਰੀਆਂ ਨੂੰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਨਿਰਧਾਰਤ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਨੂੰ ਜ਼ਿਲ੍ਹੇ ਲਈ ਮਾਣ ਵਾਲੀ ਘੜੀ ਦੱਸਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਇੰਨੇ ਵੱਡੇ ਪੱਧਰ ਦੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਨਾਲ ਜਲੰਧਰ ਦਾ ਨਾਂ ਵਿਸ਼ਵ ਖੇਡ ਨਕਸ਼ੇ ’ਤੇ ਉੱਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕਜੁੱਟ ਹੋ ਕੇ ਟੀਮ ਵਜੋਂ ਕੰਮ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ ਕਿ ਖੇਡ ਸਮਾਗਮ ਦੌਰਾਨ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੰਤਰਰਾਸ਼ਟਰੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਵਾਜਾਈ ਪ੍ਰਬੰਧਨ, ਨਿਰਧਾਰਤ ਪਾਰਕਿੰਗ ਖੇਤਰਾਂ, ਲੋਕਾਂ ਦੇ ਦਾਖ਼ਲੇ ਲਈ ਸੁਚਾਰੂ ਪ੍ਰਬੰਧਾਂ ਅਤੇ ਐਮਰਜੈਂਸੀ ਮੈਡੀਕਲ ਟੀਮਾਂ ਦੀ 24 ਘੰਟੇ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਖਿਡਾਰੀਆਂ, ਅਧਿਕਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।