- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲੌਰ-ਗੁਰਾਇਆ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਦੋ ਦੀ ਮੌਤ, 11 ਜ਼ਖ਼ਮੀ

ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਫਿਲੌਰ-ਗੁਰਾਇਆ ਨੈਸ਼ਨਲ ਹਾਈਵੇ ’ਤੇ ਗੁਰਾਇਆ ਵਿਖੇ ਪ੍ਰਾਚੀਨ ਸ਼ਿਵ ਮੰਦਿਰ ਦੇ ਸੜਕ ਹਾਦਸਾ ਵਾਪਰਿਆ, ਜਿਸ ’ਚ ਆਟੋ ਰਿਕਸ਼ਾ ਸਵਾਰ 11 ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਹਸਪਤਾਲ ’ਚ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵੱਖ-ਵੱਖ ਐਂਬੂਲੈਂਸਾਂ ਦੀ ਮਦਦ ਨਾਲ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਗਿਆ। ਮੌਕੇ ’ਤੇ ਪਹੁੰਚੀ ਐੱਸਐੱਸਐੱਫ ਦੀ ਟੀਮ ਨੂੰ ਇੱਕ ਨੁਕਸਾਨਿਆ ਹੋਇਆ ਆਟੋ ਰਿਕਸ਼ਾ ਮਿਲਿਆ। ਸਥਾਨਕ ਲੋਕਾਂ ਅਨੁਸਾਰ, ਆਟੋ ਰਿਕਸ਼ਾ ਅੱਗੇ ਖੜ੍ਹੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਉਕਤ ਵਾਹਨ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਹਾਦਸੇ ’ਚ ਤਿੰਨ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਗਈ। ਮ੍ਰਿਤਕਾਂ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਅਕਤੀ ਲੁਧਿਆਣਾ ਤੋਂ ਜਲੰਧਰ ਵੱਲ ਮਜ਼ਦੂਰੀ ਕਰਨ ਲਈ ਜਾ ਰਹੇ ਸਨ। ਉਨ੍ਹਾਂ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਪੁਲਿਸ ਵੱਲੋਂ ਜ਼ਖ਼ਮੀਆਂ ਵੱਲੋਂ ਦੱਸੇ ਗਏ ਨਾਵਾਂ ਦੇ ਆਧਾਰ ’ਤੇ ਉਨ੍ਹਾਂ ਦੀ ਪਛਾਣ ਤੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਘਟਨਾ ਸਥਾਨ ’ਤੇ ਥਾਣਾ ਗੁਰਾਇਆ ਦੇ ਐੱਸਐੱਚਓ ਤੇ ਡਿਊਟੀ ਅਫ਼ਸਰ ਏਐੱਸਆਈ ਸੁਰਿੰਦਰ ਪਾਲ ਵੀ ਮੌਜੂਦ ਰਹੇ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਤੇ ਫ਼ਰਾਰ ਵਾਹਨ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ।