ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਮਾਮਲਾ ਦਰਜ
ਜਲੰਧਰ ’ਚ ਹੋਟਲ ਮੈਰੀਟਨ ਵਿਵਾਦ ਹੋਰ ਵੀ ਤੇਜ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਮਾਮਲਾ ਦਰਜ
Publish Date: Sat, 14 Feb 2026 06:49 PM (IST)
Updated Date: Sun, 15 Feb 2026 04:09 AM (IST)

ਜਲੰਧਰ ’ਚ ਹੋਟਲ ਮੈਰੀਟਨ ਵਿਵਾਦ ਹੋਰ ਵੀ ਤੇਜ਼ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ’ਚ ਹੋਟਲ ਮੈਰੀਟਨ ਨਾਲ ਜੁੜੇ ਵਿਵਾਦ ਨੇ ਹੁਣ ਗੰਭੀਰ ਕਾਨੂੰਨੀ ਮੋੜ ਲੈ ਲਿਆ ਹੈ। ਹੋਟਲ ਭਾਈਵਾਲ ਯਸ਼ਪਾਲ ਦੁਆ, ਗੁਲਸ਼ਨ ਦੁਆ, ਉਮੇਸ਼ ਦੁਆ, ਸ਼ਿਵੀ ਦੁਆ ਯਸ਼ਪਾਲ ਦੇ ਡਰਾਈਵਰ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 115(2)299 351(2) 3(5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਝਗੜੇ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਸਾਹਮਣੇ ਆਏ ਹਨ। ਸ਼ਿਕਾਇਤ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸਾਰੇ ਤੱਥਾਂ ਤੇ ਹਾਲਾਤਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਧਿਰ ਫਰਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਯਸ਼ਪਾਲ ਦੁਆ ਨੇ ਸਵੇਰੇ 10 ਵਜੇ ਪ੍ਰੈੱਸ ਕਾਨਫਰੰਸ ਦਾ ਪ੍ਰੋਗਰਾਮ ਰੱਖਿਆ ਸੀ ਪਰ ਮਾਮਲਾ ਦਰਜ ਹੋਣ ਦੀ ਜਾਣਕਾਰੀ ਮਿਲਣ ਤੇ ਇਸਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਸ਼ਾਮ ਦੂਜੀ ਧਿਰ ਦੀ ਨੁਮਾਇੰਦਗੀ ਕਰ ਰਹੇ ਡਾ. ਪਰਮਜੀਤ ਮਰਵਾਹਾ ਨੇ ਇਕ ਪ੍ਰੈੱਸ ਕਾਨਫਰੰਸ ’ਚ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੇ ਵੱਖ-ਵੱਖ ਸਿੱਖ ਸੰਗਠਨਾਂ ਨੂੰ ਵੀ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਡਾ. ਮਰਵਾਹਾ ਅਨੁਸਾਰ ਹੋਟਲ ਦੇ ਛੇ ਮਾਲਕ ਹਨ, ਜਿਨ੍ਹਾਂ ’ਚੋਂ ਉਨ੍ਹਾਂ ਕੋਲ 36 ਪ੍ਰਤੀਸ਼ਤ ਹਿੱਸੇਦਾਰੀ ਹੈ ਤੇ ਇਕ ਹੋਰ ਸਾਥੀ ਕੋਲ 15 ਫੀਸਦੀ ਹਿੱਸੇਦਾਰੀ ਹੈ। 51 ਫੀਸਦੀ ਹਿੱਸੇਦਾਰੀ ਦੇ ਨਾਲ, ਉਹ ਹੋਟਲ ਦੇ ਐੱਮਡੀ ਵਜੋਂ ਸੇਵਾ ਨਿਭਾਉਂਦੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਯਸ਼ਪਾਲ ਦੁਆ, ਜਿਸ ਕੋਲ 5 ਫੀਸਦੀ ਹਿੱਸੇਦਾਰੀ ਹੈ, ਆਪਣੀਆਂ ਸ਼ਰਤਾਂ ਥੋਪਣਾ ਚਾਹੁੰਦਾ ਸੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਸ਼ਰਾਬ ਦੇ ਨਸ਼ੇ ’ਚ ਉਨ੍ਹਾਂ ਤੇ ਕਥਿਤ ਤੌਰ ਤੇ ਹਮਲਾ ਕੀਤਾ ਗਿਆ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਨਾਲ ਅਸ਼ਲੀਲ ਵਿਵਹਾਰ ਕੀਤਾ ਗਿਆ, ਉਨ੍ਹਾਂ ਦੀ ਪੱਗ ਉਤਾਰ ਦਿੱਤੀ ਗਈ ਤੇ ਧਾਰਮਿਕ ਤੌਰ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ, ਤੇ ਜਾਂਚ ਰਿਪੋਰਟ ਦੇ ਆਧਾਰ ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।