ਸਰਕਾਰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰੇ : ਚੋਟਾਲਾ
ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੇ ਵਿਸ਼ੇਸ਼ ਸੈਸ਼ਨ ਵਿੱਚ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਕੇ ਇਤਿਹਾਸ ਰਚੇ -ਚੋਟਾਲਾ,ਧੂਤ
Publish Date: Wed, 12 Nov 2025 04:12 PM (IST)
Updated Date: Wed, 12 Nov 2025 04:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
ਹਰਿਆਣਾ: ਪੰਜਾਬ ਦੇ 2 ਲੱਖ ਤੋਂ ਵੱਧ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਸੰਘਰਸ਼ ਕਰ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਸੈਸ਼ਨ ਵਿੱਚ ਇਸ ਮੰਗ ਨੂੰ ਪੰਜਾਬ ਸਰਕਾਰ ਪੂਰੀ ਕਰਦੇ ਹੋਏ ਇਸ ਨੂੰ ਇਤਿਹਾਸਿਕ ਬਣਾਵੇ। ਇਹ ਵਿਚਾਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਿਲਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਪ੍ਰੈਸ ਨਾਲ ਸਾਂਝੇ ਕੀਤੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਵਿਧਾਨ ਸਭਾ ਸੈਸ਼ਨ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਚਲਾਉਣ ਦਾ ਫੈਸਲਾ ਲਿਆ ਹੈ।
ਇਹ ਫ਼ੈਸਲਾ ਇਤਿਹਾਸਕ ਹੋ ਸਕਦਾ ਹੈ, ਜੇਕਰ ਰਾਜ ਸਰਕਾਰ ਗੁਰੂ ਜੀ ਦੀਆਂ ਜੀਵਨੀ ਅਤੇ ਲੋਕਾਈ ਲਈ ਕੀਤੀਆਂ ਹੋਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕ ਰਹੀ ਮੁਲਾਜ਼ਮਾਂ ਦੇ ਬੁੜਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਬਹਾਲ ਕਰਨ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਪੂਰਾ ਕਰੇ। ਕਿਉਂਕਿ ਆਪ ਸਰਕਾਰ ਨੂੰ ਸੱਤਾ ਵਿੱਚ ਆਇਆ ਚਾਰ ਸਾਲ ਹੋ ਗਏ ਹਨ ਤੇ ਐਨ ਪੀ ਐਸ ਮੁਲਾਜ਼ਮਾਂ ਪੱਲੇ ਨਿਰਾਸ਼ਾ ਹੀ ਪਾਈ ਹੈ। ਹੋਰ ਤਾਂ ਇਹਨਾਂ ਨੂੰ ਕੀ ਦੇਣਾ ਸੀ ਸਗੋਂ ਚੋਣਾਂ ਸਮੇਂ ਇਹਨਾਂ ਨਾਲ ਕੀਤੇ ਵਾਅਦੇ ਵੀ ਚਾਰ ਸਾਲਾਂ ਵਿੱਚ ਪੂਰੇ ਨਹੀਂ ਕੀਤੇ । ਸਾਲ 2022 ਦੇ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਜਦਕਿ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਲਗਭਗ ਦੋ ਲੱਖ ਦੇ ਕਰੀਬ ਮੁਲਾਜ਼ਮ ਪਿਛਲੇ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੈਨਸ਼ਨ ਵਿਹੂਣੇ ਹਨ। ਇਸ ਮੌਕੇ ਉਨ੍ਹਾਂ ਨਾਲ ਸਚਿਨ ਕੁਮਾਰ, ਸਰਬਜੀਤ ਸਿੰਘ, ਇੰਦਰਜੀਤ ਸਿੰਘ ਜਸਵਿੰਦਰ ਸਿੰਘ ਮਨਜੀਤ ਸਿੰਘ, ਸੁਸ਼ੀਲ ਕੁਮਾਰ ਪਠਾਣੀਆਂ ਅਤੇ ਹੋਰ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।