ਪਿੰਡ ਦੇ ਪਹਿਰੇਦਾਰ ਨੂੰ ਪਿੰਡਾਂ 'ਚ ਮਿਲ ਰਿਹਾ ਭਰਪੂਰ ਸਮਰਥਨ : ਚੰਨੀ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਦੂਜੇ ਪੜਾਅ ਪਿੰਡ ਦੇ ਪਹਿਰੇਦਾਰ ਨੂੰ ਪਿੰਡਾਂ 'ਚ ਮਿਲ ਰਿਹਾ ਭਰਪੂਰ ਸਮਰਥਨ:-ਚਰਨਜੀਤ ਸਿੰਘ ਚੰਨੀ
Publish Date: Mon, 19 Jan 2026 08:00 PM (IST)
Updated Date: Tue, 20 Jan 2026 04:18 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਸੰਗਠਨ ਇੰਚਾਰਜ ਤੇ ਓਐੱਸਡੀ/ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਚੰਨੀ ਵੱਲੋਂ ਪਿੰਡ ਨੈਣਵਾ ਵਿਖੇ ਨਸ਼ਿਆਂ ਦੇ ਮਾਹੌਲ ਤੋਂ ਦੂਰ ਰੱਖਣ ਲਈ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਪਿੰਡ ਦਾ ਪਹਿਰੇਦਾਰ ਜਾਗਰੂਕਤਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਸ਼ੇ ਪੰਜਾਬ ਦੇ ਭਵਿੱਖ ਲਈ ਸਭ ਤੋਂ ਵੱਡੀ ਚੁਣੌਤੀ ਹਨ ਅਤੇ ਇਸ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਗਲਤ ਰਾਹਾਂ ਤੋਂ ਬਚਾ ਕੇ ਸਹੀ ਦਿਸ਼ਾ ਵੱਲ ਲਿਜਾਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਯੂਥ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਦੇ ਇਲਾਜ ਅਤੇ ਪੁਨਰਵਾਸ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਪਿੰਡ ਨੈਣਵਾ ਅਤੇ ਨੇੜਲੇ ਪਿੰਡਾਂ ਦੇ ਨੌਜਵਾਨਾਂ, ਸਮਾਜਿਕ ਆਗੂਆਂ ਅਤੇ ਪਾਰਟੀ ਵਰਕਰਾਂ ਵੱਲੋਂ ਇਸ ਯਾਤਰਾ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਅੰਤ ਵਿੱਚ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਸ਼ੁਰੂਆਤ ਹੈ ਤੇ ਆਉਣ ਵਾਲੇ ਦਿਨਾਂ ’ਚ ਹਲਕੇ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਸਰਪੰਚ ਨੈਣਵਾ, ਟਰੇਡ ਕਮਿਸ਼ਨ ਦੇ ਮੈਂਬਰ ਫੁੱਮਣ ਸਿੰਘ, ਰੋਸ਼ਨ ਲਾਲ ਸਾਬਕਾ ਸਰਪੰਚ ਰਵਿੰਦਰ ਰਿੰਕੂ, ਜਸਪਾਲ ਸਿੰਘ ਸਾਬਕਾ ਸਰਪੰਚ ਹਰਵਾਂ, ਇਸਮਾਈਲ ਖ਼ਾਨ, ਦਲਜੀਤ ਸਿੰਘ ਸੋਨੂ ਤੋਂ ਇਲਾਵਾ ਸਥਾਨਕ ਪੁਲਿਸ ਪ੍ਰਸ਼ਾਸ਼ਨ ਤੇ ਸਿਵਲ ਪ੍ਰਸ਼ਾਸ਼ਨ ਹਾਜ਼ਰ ਸੀ।