ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਇਤਿਹਾਸ ’ਚ ਸੁਨਹਿਰੀ ਅਧਿਆਇ : ਜਿੰਪਾ
ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਦੇ 65 ਲੱਖ ਤੋਂ ਵੱਧ ਪਰਿਵਾਰਾਂ ਨੂੰ
Publish Date: Thu, 22 Jan 2026 07:55 PM (IST)
Updated Date: Fri, 23 Jan 2026 04:13 AM (IST)

ਕਿਹਾ- ਪੰਜਾਬ ਦੇ 65 ਲੱਖ ਤੋਂ ਵੱਧ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮਿਲੇਗਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਕੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਇ ਜੋੜਿਆ ਗਿਆ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਜਿੰਪਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ ਛੋਟੀ ਤੋਂ ਛੋਟੀ ਅਤੇ ਵੱਡੀ ਤੋਂ ਵੱਡੀ ਬਿਮਾਰੀ ਦੇ ਇਲਾਜ ਅਤੇ ਓਪਰੇਸ਼ਨ ਦੀ ਚਿੰਤਾ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਅਤੇ ਨਿੱਜੀ ਦੋਵਾਂ ਕਿਸਮਾਂ ਦੇ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਨੂੰ ਵੱਡੇ ਸ਼ਹਿਰਾਂ ਵੱਲ ਭਟਕਣਾ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਆਸ ਭਰਪੂਰ ਯੋਜਨਾ ’ਚ ਸਰਕਾਰੀ ਕਰਮਚਾਰੀ ਤੇ ਪੈਨਸ਼ਨਰ ਵੀ ਸ਼ਾਮਲ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਸੂਬੇ ਭਰ ਵਿੱਚ ਲੋਕ ਵੱਡੀ ਗਿਣਤੀ ਵਿੱਚ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ ਅਤੇ ਇਸ ਲੋਕ-ਹਿਤੈਸ਼ੀ ਪਹਿਲ ਲਈ ਮਾਨ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਯੂਥ ਵਿੰਗ ਦੇ ਵਲੰਟੀਅਰ ਹਰ ਰੋਜ਼ ਹਰ ਪਿੰਡ ਅਤੇ ਵਾਰਡ ਵਿੱਚ ਘੱਟੋ-ਘੱਟ 10 ਪਰਿਵਾਰਾਂ ਤੱਕ ਪਹੁੰਚ ਕਰ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਪੱਤਰੀਆਂ ਵੰਡਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵੱਲੋਂ ਯੋਜਨਾ ਦੇ ਸ਼ੁਭਾਰੰਭ ਮੌਕੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ ਇਸ ਗੱਲ ਦਾ ਪ੍ਰਮਾਣ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ। ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਸਿਹਤ ਖੇਤਰ ਵਿੱਚ ਇੰਨਾ ਵਿਸ਼ਾਲ ਅਤੇ ਠੋਸ ਕਦਮ ਨਹੀਂ ਚੁੱਕਿਆ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਦੇ 65 ਲੱਖ ਤੋਂ ਵੱਧ ਪਰਿਵਾਰਾਂ ਦੀ ਇਲਾਜ ਦੇ ਖਰਚੇ ਦੀ ਚਿੰਤਾ ਸਦਾ ਲਈ ਖਤਮ ਹੋ ਗਈ ਹੈ। ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਪੰਜਾਬ ਨੂੰ ਇੱਕ ਸਿਹਤਮੰਦ ਤੇ ਮਜ਼ਬੂਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਯੋਜਨਾ ਦੇਸ਼ ਭਰ ਲਈ ਇੱਕ ਆਦਰਸ਼ ਮਾਡਲ ਬਣੇਗੀ ਅਤੇ ਮਾਨ ਸਰਕਾਰ ਦੇ ਲੋਕ-ਕਲਿਆਣਕਾਰੀ ਕੰਮ ਸੁਨਹਿਰੀ ਅੱਖਰਾਂ ਵਿੱਚ ਦਰਜ ਕੀਤੇ ਜਾਣਗੇ।