ਪ੍ਰਸ਼ਾਸਨ ਸਖ਼ਤ; ਓਵਰਲੋਡਿਡ ਵਾਹਨਾਂ ਨੂੰ ਲਾਇਆ 3.20 ਲੱਖ ਦਾ ਜੁਰਮਾਨਾ
ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ; ਓਵਰਲੋਡਿਡ ਵਾਹਨਾਂ ਨੂੰ ਲਗਾਇਆ 3.20 ਲੱਖ ਦਾ ਜੁਰਮਾਨਾ
Publish Date: Thu, 19 Feb 2026 06:56 PM (IST)
Updated Date: Fri, 20 Feb 2026 04:10 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਆਵਾਜਾਈ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਦੀ ਦੇਖ-ਰੇਖ ਵਿੱਚ ਚਲਾਈ ਗਈ ਇਸ ਮੁਹਿੰਮ ਦੌਰਾਨ ਓਵਰਲੋਡਿਡ ਵਾਹਨਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ। ਇਸ ਮੁਹਿੰਮ ਦੌਰਾਨ ਵੱਖ-ਵੱਖ ਪ੍ਰਮੁੱਖ ਸੜਕਾਂ ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਕਈ ਵਾਹਨ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਢੋਹਦੇ ਹੋਏ ਪਾਏ ਗਏ। ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਅਜਿਹੇ ਵਾਹਨਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਕੁੱਲ 3 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਬਾਕਸ-- ਸੜਕ ਸੁਰੱਖਿਆ ਸਭ ਤੋਂ ਵੱਧ ਤਰਜੀਹ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ, ਓਵਰਲੋਡਿੰਗ, ਤੇਜ਼ ਰਫ਼ਤਾਰ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਰਗੀਆਂ ਲਾਪਰਵਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਸੜਕੀ ਬੁਨਿਆਦੀ ਢਾਂਚੇ ਨੂੰ ਬਚਾਉਣ ਅਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਬਾਕਸ-- ਹਾਦਸਿਆਂ ਦਾ ਮੁੱਖ ਕਾਰਨ ਹੈ ਓਵਰਲੋਡਿੰਗ: ਆਰਟੀਓ ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਓਵਰਲੋਡਿਡ ਵਾਹਨ ਨਾ ਸਿਰਫ਼ ਮੋਟਰ ਵਾਹਨ ਐਕਟ ਦੀ ਉਲੰਘਣਾ ਹਨ, ਸਗੋਂ ਇਹ ਭਿਆਨਕ ਸੜਕ ਹਾਦਸਿਆਂ ਦਾ ਮੁੱਖ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਓਵਰਲੋਡਿੰਗ ਨਾਲ ਸੜਕਾਂ ਦੀ ਹਾਲਤ ਵੀ ਖ਼ਰਾਬ ਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖ਼ਤੀ ਵਰਤੀ ਜਾਵੇਗੀ।