ਟਾਂਡਾ ਤੇ ਦਸੂਹਾ ’ਚ ਗੁੜ-ਸ਼ੱਕਰ ਸਮੇਤ 6 ਖਾਧ ਪਦਾਰਥਾਂ ਦੇ ਸੈਂਪਲ ਭਰੇ
ਹੁਸ਼ਿਆਰਪੁਰ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਟਾਂਡਾ ਤੇ ਦਸੂਹਾ ਖੇਤਰਾਂ 'ਚ ਗੁੜ-ਸ਼ੱਕਰ ਸਮੇਤ 6 ਖਾਧ ਪਦਾਰਥਾਂ ਦੇ ਸੈਂਪਲ ਭਰੇ
Publish Date: Fri, 20 Feb 2026 06:41 PM (IST)
Updated Date: Sat, 21 Feb 2026 04:10 AM (IST)

ਹੁਸ਼ਿਆਰਪੁਰ ਸਿਹਤ ਵਿਭਾਗ ਦੀ ਵੱਡੀ ਕਾਰਵਾਈ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ, ਸਿਹਤ ਵਿਭਾਗ ਹੁਸ਼ਿਆਰਪੁਰ ਦੀ ਫੂਡ ਸੇਫਟੀ ਟੀਮ ਨੇ ਅੱਜ ਟਾਂਡਾ ਅਤੇ ਦਸੂਹਾ ਦੇ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਦੀ ਅਗਵਾਈ ਜ਼ਿਲ੍ਹਾ ਸਿਹਤ ਅਫ਼ਸਰ (ਡੀਐੱਚਓ) ਡਾ. ਜਤਿੰਦਰ ਭਾਟੀਆ ਨੇ ਕੀਤੀ। ਫੂਡ ਸੇਫਟੀ ਟੀਮ ਨੇ ਖਾਧ ਪਦਾਰਥ ਵਿਕਰੇਤਾਵਾਂ ਦੀ ਜਾਂਚ ਦੌਰਾਨ ਕੁੱਲ 6 ਸੈਂਪਲ ਇਕੱਠੇ ਕੀਤੇ। ਇਨ੍ਹਾਂ ਵਿੱਚ ਗੁੜ ਤਿਆਰ ਕਰਨ ਵਾਲਿਆਂ ਕੋਲੋਂ ਸ਼ੱਕਰ ਅੇਤ ਗੁੜ ਦੇ 2-2 ਸੈਂਪਲ ਲਏ ਗਏ, ਜਦਕਿ ਨਮਕੀਨ ਦਾ 1 ਅਤੇ ਸੀਰੀਅਲ ਆਧਾਰਿਤ ਪੇਯ ਦਾ 1 ਸੈਂਪਲ ਵੀ ਭਰਿਆ ਗਿਆ। ਸਾਰੇ ਸੈਂਪਲ ਜਾਂਚ ਲਈ ਫੂਡ ਲੈਬ ਖਰੜ ਭੇਜੇ ਗਏ ਹਨ। ਰਿਪੋਰਟ ਆਉਣ ਉਪਰੰਤ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫਸਰ ਮਨੀਸ਼ ਸੋਢੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਵਿਕਰੇਤਾਵਾਂ ਨੂੰ ਐੱਫਐੱਸਐੱਸਏਆਈ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਵੈਧ ਲਾਇਸੈਂਸ ਰੱਖਣ ਅਤੇ ਸਫ਼ਾਈ ਮਿਆਰਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਖਾਧ ਪਦਾਰਥਾਂ ਵਿੱਚ ਮਿਲਾਵਟ ਜਾਂ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਕਰੇਤਾ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਜਾਂ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।