ਪਾਵਰ ਕਾਰਪੋਰੇਸ਼ਨ ਨੂੰ ਏ ਰੇਟਿੰਗ ਤੇ 2634 ਕਰੋੜ ਰੁਪਏ ਦਾ ਮੁਨਾਫਾ
ਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰ ਕਾਰਪੋਰੇਸ਼ਨ ਨੂੰ ਏ ਰੇਟਿੰਗ ਤੇ 2634 ਕਰੋੜ ਰੁਪਏ ਦਾ ਹੋਇਆ ਮੁਨਾਫਾ : ਕਰਮਜੀਤ ਕੌਰ
Publish Date: Sat, 07 Mar 2026 08:27 PM (IST)
Updated Date: Sun, 08 Mar 2026 04:18 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਭਾਵਸ਼ਾਲੀ ਯਤਨਾਂ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਏ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ ਵਿੱਤੀ ਸਾਲ 2024-25 ਵਿੱਚ 2,634 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਮਾਨ ਸਰਕਾਰ ਦੇ ਕੁਸ਼ਲ ਪ੍ਰਬੰਧਨ ਕਾਰਨ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲੀ ਵਾਰ ਇੱਕ ਮਜ਼ਬੂਤ, ਕੁਸ਼ਲ ਅਤੇ ਲਾਭਕਾਰੀ ਕੰਪਨੀ ਵਜੋਂ ਉਭਰੀ ਹੈ। ਕਰਮਜੀਤ ਕੌਰ ਨੇ ਕਿਹਾ ਕਿ ਇਸ ਸਕਾਰਾਤਮਕ ਵਿੱਤੀ ਸਥਿਤੀ ਦੇ ਕਾਰਨ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿੱਚ ਇਤਿਹਾਸਕ ਕਟੌਤੀ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟੈਰਿਫ ਆਰਡਰ ਦੇ ਅਨੁਸਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੇ ਤੌਰ ਤੇ ਰਾਹਤ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਪਾਰਕ ਦੁਕਾਨਾਂ ਅਤੇ ਵਪਾਰਕ ਇਕਾਈਆਂ ਲਈ ਬਿਜਲੀ ਦਰਾਂ ਵਿੱਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ, ਜਦੋਂ ਕਿ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਸੂਬੇ ਵਿੱਚ ਉਦਯੋਗ ਅਤੇ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਕਰਮਜੀਤ ਕੌਰ ਨੇ ਕਿਹਾ ਕਿ ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰ 5 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਘੱਟ ਹੈ। ਇਸ ਨਾਲ ਸੂਬੇ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਵਿਚ ਬੜ੍ਹਾਵਾ ਮਿਲੇਗਾ ਅਤੇ ਵਾਤਾਵਰਣ ਸੁਰੱਖਿਆ ਨੂੰ ਵੀ ਮਜ਼ਬੂਤੀ ਮਿਲੇਗੀ।