ਅਸਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੀ ਮਾਨ ਸਰਕਾਰ : ਤੀਕਸ਼ਣ ਸੂਦ
ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਅਸਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਮਾਨ ਸਰਕਾਰ: ਤੀਕਸ਼ਣ ਸੂਦ
Publish Date: Fri, 13 Mar 2026 05:35 PM (IST)
Updated Date: Sat, 14 Mar 2026 04:07 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਾਬਕਾ ਪੰਜਾਬ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਮਾਨ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਿਧਾਨ ਸਭਾ ਸੈਸ਼ਨ ਨੂੰ ਛੋਟਾ ਕਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ’ਤੇ ਢੰਗ ਨਾਲ ਚਰਚਾ ਨਹੀਂ ਹੋ ਰਹੀ। ਇੱਕ ਪ੍ਰੈੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਪਰ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਬਜਾਏ ਆਪਸੀ ਝਗੜਿਆਂ ਅਤੇ ਬਿਆਨਬਾਜ਼ੀ ਵਿੱਚ ਸਮਾਂ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ, ਸਰਕਾਰੀ ਸੁਰੱਖਿਆ ਹੇਠ ਚੱਲ ਰਹੀ ਕਥਿਤ ਗੈਰ-ਕਾਨੂੰਨੀ ਮਾਈਨਿੰਗ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਨੌਕਰੀਆਂ ਲਈ ਭਟਕ ਰਹੇ ਬੇਰੁਜ਼ਗਾਰ ਨੌਜਵਾਨ ਅਤੇ ਵਿਕਾਸ ਕਾਰਜਾਂ ਦੀ ਮੰਦ ਗਤੀ ਪੰਜਾਬ ਦੇ ਵੱਡੇ ਮੁੱਦੇ ਹਨ, ਜਿਨ੍ਹਾਂ ’ਤੇ ਵਿਧਾਨ ਸਭਾ ਵਿੱਚ ਗੰਭੀਰ ਚਰਚਾ ਹੋਣੀ ਚਾਹੀਦੀ ਸੀ। ਤੀਕਸ਼ਣ ਸੂਦ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਆਰਜ਼ੀ ਮੁਲਾਜ਼ਮਾਂ ਨੂੰ ਸਥਾਈ ਕਰਨ ਅਤੇ ਬਕਾਇਆ ਡੀਏ ਦੇਣ ਬਾਰੇ ਕੀਤੇ ਗਏ ਵਾਅਦੇ ਵੀ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਤੋਂ ਵੀ ਵਾਂਝਾ ਰੱਖਿਆ ਗਿਆ ਹੈ, ਜਿਸ ਕਾਰਨ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵੀ ਵਾਅਦਾ ਕੀਤਾ ਸੀ, ਪਰ ਇਸ ਮਾਮਲੇ ਵਿੱਚ ਵੀ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਸੂਦ ਨੇ ਕਿਹਾ ਕਿ ਸਰਕਾਰ ਝੂਠੇ ਅੰਕੜੇ ਪੇਸ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪੰਜਾਬ ਦੀ ਵਿੱਤੀ ਸਥਿਤੀ ਬਹੁਤ ਨਾਜ਼ੁਕ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਦੌਰਾਨ ਸੂਬੇ ’ਤੇ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ ਅਤੇ ਹਰ ਪੰਜਾਬੀ ’ਤੇ ਕਰਜ਼ੇ ਦਾ ਬੋਝ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਹੋਏ ਛੇ ਦਿਨ ਬੀਤ ਚੁੱਕੇ ਹਨ, ਪਰ ਜ਼ਿਆਦਾਤਰ ਸਮਾਂ ਆਪਸੀ ਤਕਰਾਰ ਅਤੇ ਬਿਆਨਬਾਜ਼ੀ ਵਿੱਚ ਹੀ ਬਰਬਾਦ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੇ ਕੁਝ ਮੈਂਬਰ ਵੀ ਸਰਕਾਰ ਨਾਲ ਮਿਲੀਭੁਗਤ ਕਰਕੇ ਬੇਤੁਕੇ ਬਿਆਨਾਂ ਰਾਹੀਂ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।