ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਇਤਿਹਾਸਕ ਕਦਮ : ਪਿੰਕੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਇਤਿਹਾਸਕ ਕਦਮ : ਭੁਪਿੰਦਰ ਸਿੰਘ ਪਿੰਕੀ
Publish Date: Wed, 22 Apr 2026 07:08 PM (IST)
Updated Date: Wed, 22 Apr 2026 07:10 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਤੇ ਅਦਬ ਦੀ ਰੱਖਿਆ ਲਈ ਚੁੱਕੇ ਗਏ ਇਤਿਹਾਸਕ ਕਦਮ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026” ਪੇਸ਼ ਕਰਨਾ ਇਕ ਮਹੱਤਵਪੂਰਨ ਫ਼ੈਸਲਾ ਸੀ। ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਵੱਲ ਇਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ਇਹ ਕਦਮ ਸੰਗਤ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਾ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਵਾਲਿਆਂ ਖਿਲਾਫ਼ ਕਾਨੂੰਨੀ ਤੌਰ ‘ਤੇ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗੇਗੀ। ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਲਗਾਤਾਰ ਯਤਨਸ਼ੀਲ ਨਜ਼ਰ ਆ ਰਹੀ ਹੈ ਤੇ ਇਹ ਬਿੱਲ ਉਸੇ ਦਿਸ਼ਾ ਵਿਚ ਇਕ ਮਜ਼ਬੂਤ ਕਦਮ ਸਾਬਤ ਹੋਵੇਗਾ।