ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਦਾ ਹੱਲਾ-ਬੋਲ, ਐੱਸਡੀਐੱਮ ਦਫ਼ਤਰ ਅੱਗੇ ਧਰਨਾ
ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਦਾ ਹੱਲਾ-ਬੋਲ, ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ
Publish Date: Thu, 30 Apr 2026 04:34 PM (IST)
Updated Date: Fri, 01 May 2026 04:05 AM (IST)

ਐਚ ਐਸ ਪੀ 1, 2, 3 : ਹੁਸ਼ਿਆਰਪੁਰ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ। * ਸੰਜੀਵ ਤਲਵਾੜ ਦੀ ਅਗਵਾਈ ਚ ਪ੍ਰਦਰਸ਼ਨ, ਮਹਿਲਾਵਾਂ ਦੀ ਵੱਡੀ ਭਾਗੀਦਾਰੀ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ’ਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਤੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ’ਚ ਐੱਸਡੀਐੱਮ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕੀਤੀ। ਧਰਨੇ ਦੌਰਾਨ ਅਕਾਲੀ ਵਰਕਰਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਲੋਕਾਂ ਨੂੰ ਪੱਖੀਆਂ ਵੰਡ ਕੇ ਆਪਣਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨ ਦੀ ਖਾਸ ਗੱਲ ਇਹ ਰਹੀ ਕਿ ਨੀਤੀ ਤਲਵਾੜ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ, ਜਿਸ ਨਾਲ ਸਰਕਾਰ ਦੀਆਂ ਨੀਤੀਆਂ ਪ੍ਰਤੀ ਵੱਖ-ਵੱਖ ਵਰਗਾਂ ਵਿੱਚ ਨਾਰਾਜ਼ਗੀ ਸਪੱਸ਼ਟ ਹੋਈ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਨੇ ਕਿਹਾ ਕਿ ਸਰਕਾਰ ਹਰ ਮੋਰਚੇ ਤੇ ਨਾਕਾਮ ਰਹੀ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਪ੍ਰਬੰਧਨ ਵਿੱਚ ਲਾਪਰਵਾਹੀ ਕਾਰਨ ਮੌਜੂਦਾ ਹਾਲਾਤ ਪੈਦਾ ਹੋਏ ਹਨ। ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਲਾਲੀ ਬਾਜਵਾ ਅਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਨੇ ਵੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ, ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਜੁੱਟ ਹੋ ਕੇ ਲੋਕਾਂ ਦੇ ਹੱਕਾਂ ਲਈ ਲੜਦਾ ਰਹੇਗਾ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਪੂਰੀ ਤਿਆਰੀ ਵਿੱਚ ਜੁੱਟ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਆਪਣੀ ਮਜ਼ਬੂਤ ਵਾਪਸੀ ਦਰਜ ਕਰਵਾਏਗੀ। ਧਰਨੇ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।