ਵਿਕਟੋਰੀਆ ਸਕੂਲ 'ਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ
ਵਿਕਟੋਰੀਆ ਸਕੂਲ 'ਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Thu, 30 Apr 2026 04:48 PM (IST)
Updated Date: Fri, 01 May 2026 04:08 AM (IST)

ਐਚ ਐਸ ਪੀ 39: ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਚ ਸ਼ਮੂਲੀਅਤ ਕਰਦੇ ਪ੍ਰਿੰ. ਅਰਚਨਾ ਸੂਦਨ ਤੇ ਸਕੂਲ ਸਟਾਫ਼। ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਦੀ ਪ੍ਰਾਰਥਨਾ ਸਭਾ ਨਾਲ ਹੋਈ। ਸਭਾ ਵਿੱਚ ਪ੍ਰਿੰਸੀਪਲ, ਕੋਆਰਡੀਨੇਟਰ, ਅਧਿਆਪਕ ਅਤੇ ਵਿਦਿਆਰਥੀਆਂ ਨੇ ਤਾੜੀਆਂ ਦੀ ਗੂੰਜ ਵਿੱਚ ਸਕੂਲ ਦੇ ਸਾਰੇ ਕਰਮਚਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕਰਮਚਾਰੀਆਂ ਨੂੰ ਮੰਚ ‘ਤੇ ਸੱਦਾ ਦਿੱਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸੋਹਣੇ ਕਾਰਡ ਭੇਟ ਕਰਕੇ ਉਨ੍ਹਾਂ ਦਾ ਸਤਿਕਾਰ ਕੀਤਾ। ਉਪਰੰਤ ਕਰਮਚਾਰੀਆਂ ਲਈ ਖਾਸ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਮਨਮੋਹਕ ਨਾਚ ਸਭ ਦਾ ਦਿਲ ਜਿੱਤ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਮਨੋਰੰਜਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਕਰਮਚਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ। ਸਾਰਾ ਪ੍ਰੋਗਰਾਮ ਸਕੂਲ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ, ਨੀਰੂ ਮੁਲਤਾਨੀ ਅਤੇ ਸਕੂਲ ਪ੍ਰਿੰਸੀਪਲ ਅਰਚਨਾ ਸੂਦਨ ਦੇ ਮਾਰਗ ਦਰਸ਼ਨ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਆਪਣੇ ਸੰਬੋਧਨ ਵਿੱਚ ਪ੍ਰਿੰ. ਅਰਚਨਾ ਸੂਦਨ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਕਿਸੇ ਵੀ ਸੰਸਥਾ ਦੀ ਸਫ਼ਲਤਾ ਵਿੱਚ ਹਰ ਇੱਕ ਕਰਮਚਾਰੀ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਤੋਂ ਬਿਨਾਂ ਤਰੱਕੀ ਸੰਭਵ ਨਹੀਂ ਅਤੇ ਸਾਨੂੰ ਹਮੇਸ਼ਾ ਉਨ੍ਹਾਂ ਦੇ ਕੰਮ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅੰਤ ਵਿੱਚ ਸਕੂਲ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਮਿਲ ਕੇ ਸਕੂਲ ਦੇ ਹਰ ਇਕ ਕਰਮਚਾਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ।