ਪੀਆਰਟੀਸੀ ਜਹਾਨ ਖੇਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਪੀ.ਆਰ.ਟੀ.ਸੀ. ਜਹਾਨ ਖੇਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
Publish Date: Thu, 30 Apr 2026 05:26 PM (IST)
Updated Date: Fri, 01 May 2026 04:09 AM (IST)

ਐਚ ਐਸ ਪੀ 5, 6, 7 : ਪੀ.ਆਰ.ਟੀ.ਸੀ. ਜਹਾਨ ਖੇਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਸਿੱਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਧਿਕਾਰੀ। ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਮਿਸ਼ਨ ਸਮਾਈਲ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਹੇਠ ਪੀਆਰਟੀਸੀ (ਪੁਲਿਸ ਭਰਤੀ ਟ੍ਰੇਨਿੰਗ ਸੈਂਟਰ) ਜਹਾਨ ਖੇਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਕਮਾਂਡੈਂਟ ਮਨਦੀਪ ਸਿੰਘ ਗਿੱਲ ਤੇ ਡਾ. ਸੌਰਵ, ਮੈਡੀਕਲ ਅਫਸਰ ਇੰਚਾਰਜ ਪੀਆਰਟੀਸੀ ਹਸਪਤਾਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਡਾ. ਸੌਰਵ ਨੇ ਹਾਜ਼ਰ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਵਿਲੱਖਣ ਪਛਾਣ ਲਈ ਜਾਣਿਆ ਜਾਂਦਾ ਹੈ ਅਤੇ ਇਸ ਪਛਾਣ ਨੂੰ ਬਚਾਉਣ ਲਈ ਨੌਜਵਾਨਾਂ ਦਾ ਨਸ਼ਾਮੁਕਤ ਰਹਿਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਦੀ ਮੈਡੀਕਲ ਅਫਸਰ ਡਾ. ਜਸਲੀਨ ਕੌਰ ਨੇ ਨਸ਼ਾਖੋਰੀ ਦੇ ਕਾਰਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਸਰੀਰ ਦੇ ਹਰ ਅੰਗ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਣ ਲਈ ਜਾਗਰੂਕ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਵੀ ਪ੍ਰੇਰਿਤ ਕੀਤਾ। ਸਾਇਕੋਲੋਜਿਸਟ ਕਾਉਂਸਲਰ ਸੰਦੀਪ ਕੁਮਾਰੀ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇੱਕ ਲੰਬੇ ਸਮੇਂ ਤੱਕ ਰਹਿਣ ਵਾਲੀ ਮਾਨਸਿਕ ਬਿਮਾਰੀ ਹੈ, ਜੋ ਵਿਅਕਤੀ ਨੂੰ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਤੌਰ ‘ਤੇ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨੇ ਤੰਬਾਕੂ ਦੇ ਨੁਕਸਾਨਾਂ ਬਾਰੇ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਹੋਰ ਨਸ਼ਿਆਂ ਵੱਲ ਪਹਿਲਾ ਕਦਮ ਹੁੰਦਾ ਹੈ। ਕਾਉਂਸਲਰ ਪ੍ਰਸ਼ਾਂਤ ਆਦਿਆ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਨਸ਼ਾ ਮੁਕਤੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿੱਚ ਡੀਟਾਕਸੀਫਿਕੇਸ਼ਨ ਸਹੂਲਤਾਂ ਉਪਲਬਧ ਹਨ, ਜਦਕਿ ਮੁਹੱਲਾ ਫਤਿਹਗੜ੍ਹ ਸਥਿਤ ਮੁੜ ਵਸੇਬਾ ਕੇਂਦਰ ਵਿੱਚ ਮਰੀਜ਼ਾਂ ਨੂੰ ਲੰਬੇ ਸਮੇਂ ਲਈ ਇਲਾਜ ਅਤੇ ਕਾਉਂਸਲਿੰਗ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਈ ਓ.ਓ.ਏ.ਟੀ. ਕਲੀਨਿਕ ਵੀ ਚੱਲ ਰਹੇ ਹਨ। ਸਟੇਟ ਮੈਂਟਲ ਹੈਲਥ ਫੈਲੋ ਤਹਿਰੀਨ ਬਸਰਾ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਦੇ ਅੰਤ ‘ਤੇ ਨੌਜਵਾਨਾਂ ਨੂੰ ਨਸ਼ਾਮੁਕਤ ਰਹਿਣ ਦੀ ਸਹੁੰ ਵੀ ਚੁਕਾਈ ਗਈ।