ਡੀਸੀ ਵੱਲੋਂ ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਰੇਲਵੇ ਸਟੇਸ਼ਨ ਨੇੜੇ ਫਾਟਕ ’ਤੇ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਵਿਚਾਰ-ਵਟਾਂਦਰਾ
ਡਿਪਟੀ ਕਮਿਸ਼ਨਰ ਵਲੋਂ ਹੁਸ਼ਿਆਰਪੁਰ -ਫਗਵਾੜਾ ਰੋਡ ‘ਤੇ ਰੇਲਵੇ ਸਟੇਸ਼ਨ ਨੇੜੇ ਫਾਟਕ ’ਤੇ ਪ੍ਰਸਤਾਵਿਤ
Publish Date: Thu, 30 Apr 2026 05:49 PM (IST)
Updated Date: Fri, 01 May 2026 04:12 AM (IST)

ਐਚ ਐਸ ਪੀ 18 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਨੇੜੇ ਫਾਟਕ ਉੱਤੇ ਬਣਨ ਵਾਲੇ ਪ੍ਰਸਤਾਵਿਤ ਆਰ.ਓ.ਬੀ. ਪ੍ਰੋਜੈਕਟ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ। * ਸਬੰਧਤ ਵਿਭਾਗਾਂ ਨੂੰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ-ਜਲੰਧਰ ਰੇਲ ਟਰੈਕ ’ਤੇ ਸਥਾਨਕ ਰੇਲਵੇ ਸਟੇਸ਼ਨ ਨੇੜੇ ਫਾਟਕ ’ਤੇ ਬਣਨ ਵਾਲੇ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਢੁੱਕਵੇਂ ਕਦਮ ਚੁੱਕੇ ਜਾਣ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਨਿਰਮਾਣ ਵਿਭਾਗ, ਉਤਰੀ ਰੇਲਵੇ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਪ੍ਰਸਤਾਵਿਤ ਪ੍ਰੋਜੈਕਟ ਨੂੰ ਸ਼ੁਰੂ ਕਰਨ ਸਮੇਂ ਲੋਕਾਂ ਦੀ ਸਹੂਲਤ ਲਈ ਸੁਚਾਰੂ ਟਰੈਫਿਕ ਵਿਵਸਥਾ ਦਾ ਖਾਸ ਧਿਆਨ ਰੱਖਿਆ ਜਾਵੇ। ਅਧਿਕਾਰੀਆਂ ਵਲੋਂ ਪਿਛਲੇ ਸਾਲਾਂ ਦੌਰਾਨ ਪ੍ਰੋਜੈਕਟ ਦੀ ਤਜਵੀਜ਼ ਵਿਚ ਪੁੱਲ ਦੀ ਲੰਬਾਈ ’ਤੇ ਲੋਕਾਂ ਵਲੋਂ ਜਤਾਏ ਗਏ ਇਤਰਾਜ਼ ਬਾਰੇ ਦੱਸਣ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੋਜੈਕਟ ਦੀ ਤਜਵੀਜ਼ ਨੂੰ ਅੰਤਿਮ ਰੂਪ ਦੇਣ ਵੇਲੇ ਪੁੱਲ ਦੀ ਲੰਬਾਈ ਲੋੜ ਅਨੁਸਾਰ ਹੀ ਰੱਖੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤੀ ਰੇਲਵੇ ਵਲੋਂ ਡਿਪਟੀ ਚੀਫ ਇੰਜੀਨੀਅਰ ਰੋਡ ਸੇਫਟੀ ਐਚ.ਐਸ. ਸਿੱਧੂ ਅਤੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ ਵਲੋਂ ਪ੍ਰੋਜੈਕਟ ਦੇ ਵੱਖ-ਵੱਖ ਪੜਾਵਾਂ ਬਾਰੇ ਦੱਸੇ ਜਾਣ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਮੰਗ ਅਨੁਸਾਰ ਇਸ ਪ੍ਰੋਜੈਕਟ ਦੀ ਮਨਜ਼ੂਰੀ ਉਪਰੰਤ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਇਸ ਖੇਤਰ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨਾਲ ਸਬੰਧਤ ਕਾਰਵਾਈਆਂ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕਰਕੇ ਅਗਲੀ ਪ੍ਰਕਿਰਿਆ ਨੂੰ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਰੈਜੀਡੈਂਟ ਇੰਜੀਨੀਅਰ ਰਤਨ ਸਿੰਘ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਰਜਿੰਦਰ ਕੰਵਰ ਆਦਿ ਵੀ ਮੌਜੂਦ ਸਨ।