‘ਸੀਐਮ ਦੀ ਯੋਗਸ਼ਾਲਾ’ ਪਹਿਲ ਨਾਲ ਜ਼ਿਲ੍ਹੇ ’ਚ ਵੱਧ ਰਹੀ ਸਿਹਤ ਪ੍ਰਤੀ ਜਾਗਰੂਕਤਾ : ਡੀਸੀ ਜੈਨ
‘ਸੀਐਮ ਦੀ ਯੋਗਸ਼ਾਲਾ’ ਪਹਿਲ ਨਾਲ ਜ਼ਿਲ੍ਹੇ ਵਿੱਚ ਵੱਧ ਰਹੀ ਸਿਹਤ ਪ੍ਰਤੀ ਜਾਗਰੂਕਤਾ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
Publish Date: Thu, 07 May 2026 05:58 PM (IST)
Updated Date: Fri, 08 May 2026 04:12 AM (IST)

ਐਚ ਐਸ ਪੀ 22 : ਹੁਸ਼ਿਆਰਪੁਰ ਵਿੱਚ ‘ਸੀਐਮ ਦੀ ਯੋਗਸ਼ਾਲਾ’ ਤਹਿਤ ਲਗਾਈ ਗਈ ਯੋਗ ਕਲਾਸ ਦੌਰਾਨ ਯੋਗ ਅਭਿਆਸ ਕਰਦੇ ਹੋਏ ਭਾਗੀਦਾਰ। ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਭਲਾਈ ਪਹਿਲਕਦਮੀ ‘ਸੀਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਨਿਰਮਾਣ ਯਾਤਰਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀ ਸਕੇ। ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਸਾਂਝੇ ਸਥਾਨਾਂ ’ਤੇ ਨਿਯਮਿਤ ਤੌਰ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ ਕੁੱਲ 731 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਭਾਗ ਲੈ ਕੇ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਲੋਕਾਂ ਨੂੰ ਇਸ ਪਹਿਲ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ।