ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ
ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ
Publish Date: Thu, 07 May 2026 06:22 PM (IST)
Updated Date: Fri, 08 May 2026 04:12 AM (IST)

ਐਚ ਐਸ ਪੀ 44 : ਭੀਖੋਵਾਲ ਵਿੱਚ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। * ਕਿਹਾ, ਭੀਖੋਵਾਲ ਵਿੱਚ 17.57 ਲੱਖ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਹ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਮਿਲ ਸਕਣ। ਮੰਤਰੀ ਨੇ ਦੱਸਿਆ ਕਿ ਭੀਖੋਵਾਲ ਵਿੱਚ ਬਣੇ ਇਸ ਆਧੁਨਿਕ ਖੇਡ ਮੈਦਾਨ ’ਤੇ ਕਰੀਬ 17.57 ਲੱਖ ਰੁਪਏ ਦੀ ਲਾਗਤ ਆਈ ਹੈ। ਮੈਦਾਨ ਵਿੱਚ ਖਿਡਾਰੀਆਂ ਲਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡ ਦੇ ਨੌਜਵਾਨ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿੱਚ ਇਸ ਤਰ੍ਹਾਂ ਦੇ 29 ਹੋਰ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਮੈਦਾਨ ਬਣਾਉਣਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਲਈ ਸਿਹਤਮੰਦ ਮਾਹੌਲ ਤਿਆਰ ਕਰਨਾ ਵੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਖੇਡਾਂ ਨਾਲ ਜੁੜਿਆ ਨੌਜਵਾਨ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦਾ ਹੈ। ਖੇਡਾਂ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਕਈ ਮਾਣਯੋਗ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚੋਂ ਹੋਰ ਨਵੀਆਂ ਪ੍ਰਤਿਭਾਵਾਂ ਨੂੰ ਉਭਾਰਿਆ ਜਾਵੇ। ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਮੈਦਾਨਾਂ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਇਸ ਮੌਕੇ ਇਲਾਕੇ ਦੇ ਖਿਡਾਰੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।