ਮੰਗਾਂ ਨੂੰ ਲੈ ਕੇ ਅਣਏਡਿਡ ਅਧਿਆਪਕ ਫ਼ਰੰਟ ਦਾ ਸੰਘਰਸ਼ ਤੇਜ਼ ਕਰਨ ਦਾ ਐਲਾਨ
ਮੰਗਾਂ ਨੂੰ ਲੈ ਕੇ ਅਨਏਡੇਡ ਅਧਿਆਪਕ ਫ਼ਰੰਟ ਦਾ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Thu, 14 May 2026 03:25 PM (IST)
Updated Date: Thu, 14 May 2026 03:27 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅਨਏਡੇਡ ਅਧਿਆਪਕ ਫ਼ਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਸਟੇਟ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਅਤੇ ਉਪ ਪ੍ਰਧਾਨ ਸੁਖਚੈਨ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫ਼ਰੰਟ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਅਨਏਡੇਡ ਅਧਿਆਪਕਾਂ ਵੱਲੋਂ ਆਪਣੇ ਹੱਕਾਂ ਲਈ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਨੂੰ ਅਣਡਿੱਠਾ ਕਰਨ ’ਤੇ ਰੋਸ ਪ੍ਰਗਟਾਇਆ ਗਿਆ। ਸੂਬਾ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਨੇ ਕਿਹਾ ਕਿ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੋਸ਼ ਲਗਾਇਆ ਕਿ ਸਾਲਾਂ ਤੋਂ ਅਣਏਡਿਡ ਅਧਿਆਪਕ ਨਾਮਾਤਰ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ਗਿਆ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 17 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਵੱਡੇ ਪੱਧਰ ’ਤੇ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਵਾਜ਼ ਉਠਾਉਂਦਿਆਂ ਮੀਡੀਆ ਅਤੇ ਆਮ ਲੋਕਾਂ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਖਿਲਾਫ਼ ਵੱਡੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਸਰਕਾਰ ਮੰਗਾਂ ਨੂੰ ਸਵੀਕਾਰ ਕਰਦੀ ਹੈ ਤਾਂ ਯੂਨੀਅਨ ਵੱਲੋਂ ਸਰਕਾਰ ਦਾ ਸਮਰਥਨ ਵੀ ਕੀਤਾ ਜਾਵੇਗਾ।