ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ ਸੂਬਾ ਸਰਕਾਰ : ਸਰਬਜੋਤ ਸਾਬੀ
ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ ਸੂਬਾ ਸਰਕਾਰ - ਸਰਬਜੋਤ ਸਾਬੀ
Publish Date: Thu, 14 May 2026 03:41 PM (IST)
Updated Date: Thu, 14 May 2026 03:42 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਨਗਰ ਕੌਂਸਲ ਮੁਕੇਰੀਆਂ ਵਿੱਚ ਪਿਛਲੇ ਕਈ ਸਾਲਾਂ ਤੋਂ ਕੱਚੇ, ਕੰਟਰੈਕਟ ਅਤੇ ਆਊਟਸੋਰਸ ਅਧਾਰ ’ਤੇ ਸੇਵਾ ਨਿਭਾ ਰਹੇ ਸਫ਼ਾਈ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਰੋਸ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸਰਬਜੋਤ ਸਿੰਘ ਸਾਬੀ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਾਮਲ ਹੋਏ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਪੂਰਾ ਸਮਰਥਨ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕਾਂਗਰਸ ਪਾਰਟੀ ਹਮੇਸ਼ਾਂ ਮਜ਼ਦੂਰ ਵਰਗ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਸਫ਼ਾਈ ਮੁਲਾਜ਼ਮਾਂ ਦੇ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਕਰਮਚਾਰੀ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ਆਧਾਰ ’ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਰੈਗੂਲਰ ਸਕੇਲ ਦੇ ਕੇ ਪੱਕਾ ਕੀਤਾ ਜਾਵੇ। ਇਹ ਕਰਮਚਾਰੀ ਘੱਟ ਤਨਖਾਹ ਅਤੇ ਅਸਥਿਰ ਨੌਕਰੀ ਦੇ ਬਾਵਜੂਦ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾ ਰਹੇ ਹਨ। ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵੀ ਮਿਲਣੀਆਂ ਚਾਹੀਦੀਆਂ ਹਨ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਮੰਗ ਕੀਤੀ ਕਿ ਹਰ ਕਰਮਚਾਰੀ ਦਾ ਘੱਟੋ-ਘੱਟ 10 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ। ਡਿਊਟੀ ਦੌਰਾਨ ਉਹ ਕਈ ਬਿਮਾਰੀਆਂ ਅਤੇ ਹਾਦਸਿਆਂ ਦੇ ਖ਼ਤਰੇ ਦਾ ਸਾਹਮਣਾ ਕਰਦੇ ਹਨ, ਇਸ ਲਈ ਬੀਮੇ ਦੀ ਸੁਵਿਧਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਇਹ ਵੀ ਮੰਗ ਰੱਖੀ ਕਿ ਡਿਊਟੀ ਦੌਰਾਨ ਕਿਸੇ ਕਰਮਚਾਰੀ ਦੀ ਮੌਤ ਹੋਣ ’ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਅਧਾਰ ’ਤੇ ਨੌਕਰੀ ਦਿੱਤੀ ਜਾਵੇ। ਮੁਲਾਜ਼ਮਾਂ ਨੇ ਰਿਟਾਇਰਮੈਂਟ ਸਮੇਂ ਗਰੈਚੂਇਟੀ, ਲੀਵ ਇੰਕੈਸ਼ਮੈਂਟ ਅਤੇ ਹੋਰ ਸਹੂਲਤਾਂ ਦੇਣ ਦੇ ਨਾਲ-ਨਾਲ ਤਨਖਾਹ ਪੰਜਾਬ ਸਰਕਾਰ ਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਜਾਰੀ ਕਰਨ ਦੀ ਵੀ ਮੰਗ ਕੀਤੀ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਜਲਦ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਸ਼ਵਨੀ ਕੁਮਾਰ, ਬੀਬੀ ਹਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਰਣਜੋਧ ਸਿੰਘ ਕੁੱਕੂ ਐੱਮਸੀ, ਸਤਨਾਮ ਕੋਹਲੀ ਐੱਮਸੀ ਸਮੇਤ ਹੋਰ ਹਾਜ਼ਰ ਸਨ।