31 ਲੱਖ ਦੀ ਲਾਗਤ ਨਾਲ ਬਣੇਗਾ ਖੇਡ ਮੈਦਾਨ : ਡਾ. ਰਵਜੋਤ ਸਿੰਘ
ਪਿੰਡ ਕੱਕੋਂ ’ਚ 31 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਖੇਡ ਮੈਦਾਨ : ਡਾ. ਰਵਜੋਤ ਸਿੰਘ
Publish Date: Thu, 21 May 2026 07:55 PM (IST)
Updated Date: Fri, 22 May 2026 04:16 AM (IST)

ਕੈਬਨਿਟ ਮੰਤਰੀ ਨੇ ਖੇਡ ਮੈਦਾਨ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਕਿਹਾ- ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਬਣਾ ਰਹੀ ਹੈ ਖੇਡ ਮੈਦਾਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੱਕੋਂ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਮੈਦਾਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਹਜ਼ਾਰ ਆਧੁਨਿਕ ਖੇਡ ਮੈਦਾਨਾਂ ਲਈ 1100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡ ਕੱਕੋਂ ਵਿਖੇ ਮੋਹਤਬਾਰਾਂ ਸਮੇਤ ਖੇਡ ਮੈਦਾਨ ਦੇ ਚੱਲ ਰਹੇ ਕੰਮ ਦਾ ਨਰੀਖਣ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਧੁਨਿਕ ਢੰਗ ਨਾਲ ਬਣਾਏ ਜਾ ਰਹੇ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿਚ ਵੱਡੇ ਪੱਧਰ ’ਤੇ ਸਹਾਈ ਹੋਣਗੇ ਜਿਸ ਨਾਲ ਉਹ ਆਪਣੀਆਂ ਪਸੰਦੀਦਾ ਖੇਡਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਦੇ ਸਮਰੱਥ ਹੋਣਗੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਖੇਡ ਮੈਦਾਨਾਂ ਤੋਂ ਇਲਾਵਾ 6000 ਦੇ ਕਰੀਬ ਇਨਡੋਰ ਜ਼ਿੰਮ ਵੀ ਬਣਾਏ ਜਾਣਗੇ ਜਿਨ੍ਹਾਂ ਨਾਲ ਲੋਕਾਂ ਨੂੰ ਕਸਰਤ ਕਰਨ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ਸਿਰ ਖੇਡਾਂ ਵਿਚ ਸੂਬੇ ਅਤੇ ਦੇਸ਼ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਚਮਕਾਉਣ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਖੇਡਾਂ ਦੇ ਖੇਤਰ ਵਿਚ ਪੰਜਾਬੀ ਹੋਰ ਬਿਹਤਰੀਨ ਪ੍ਰਦਰਸ਼ਨ ਕਰ ਸਕਣ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਰਾਜ ਲੋਕ ਨਿਰਮਾਣ ਵਿਭਾਗ ਵਲੋਂ ਜ਼ਿਲ੍ਹੇ ਵਿਚ ਈ-ਖੇਡ ਮੈਦਾਨ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਪੇਂਡੂ ਖੇਤਰਾਂ ਵਿਚ ਖੇਡਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਪਿੰਡ ਧੂਤ ਖੁਰਦ, ਝਮੇੜੀ ਪੱਟੀ ਅਤੇ ਚੱਕ ਲਾਦੀਆਂ ਵਿਚ 1.37 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਹਰ ਵਰਗ ਅਤੇ ਹਰ ਖੇਤਰ ਦੇ ਚਹੁੰਮੁਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਹਰ ਖੇਤਰ ਵਿਚ ਮੋਹਰੀ ਸੂਬਿਆਂ ਵਿਚ ਸ਼ੁਮਾਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਬਲਾਕ ਸੰਮਤੀ ਮੈਂਬਰ ਗੁਰਬਚਨ ਦਾਸ, ਆਦੇਸ਼ ਚੰਦ ਅਤੇ ਹੋਰ ਮੋਹਤਬਰ ਮੌਜੂਦ ਸਨ।