ਜਿੰਪਾ ਨੇ ’ਮੇਰੀ ਰਸੋਈ’ ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ
ਵਿਧਾਇਕ ਜਿੰਪਾ ਨੇ ਮੁਹੱਲਾ ਕੱਚਾ ਟੋਭਾ ’ਚ ’ਮੇਰੀ ਰਸੋਈ’ ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ
Publish Date: Thu, 28 May 2026 05:26 PM (IST)
Updated Date: Fri, 29 May 2026 04:08 AM (IST)

ਜ਼ਰੂਰਤਮੰਦ ਪਰਿਵਾਰਾਂ ਨੂੰ ਵੱਡੀ ਰਾਹਤ, ਹਰ 3 ਮਹੀਨੇ ’ਚ ਮਿਲੇਗੀ ਰਾਸ਼ਨ ਕਿੱਟ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਨਾਲ ਜ਼ਿਲ੍ਹੇ ਦੇ 2.20 ਲੱਖ ਪਰਿਵਾਰਾਂ ਨੂੰ ਹੋਵੇਗਾ ਲਾਭ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੁਹੱਲਾ ਕੱਚਾ ਟੋਭਾ ਵਿਚ ’ਮੇਰੀ ਰਸੋਈ’ ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਆਮ ਲੋਕਾਂ ਦਾ ਆਰਥਿਕ ਬੋਝ ਨੂੰ ਘੱਟ ਕਰਨ ਲਈ ਇਤਿਹਾਸਕ ਫੈਸਲੇ ਲੈ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬੇ ਵਿਚ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਵੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ ਉਨ੍ਹਾਂ ਦੱਸਿਆ ਕਿ ’ਮੇਰੀ ਰਸੋਈ’ ਯੋਜਨਾ ਰਾਹੀਂ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਕਿਸੇ ਰਾਹਤ ਤੋਂ ਘੱਟ ਨਹੀਂ ਹੈ ਕਿਉਂਕਿ ਇਸ ਨਾਲ ਰਸੋਈ ਦਾ ਖਰਚ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਰਾਸ਼ਨ ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗਰਾਮ ਹਲਦੀ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇਸ ਤਰ੍ਹਾਂ ਦੀ ਵਿਸ਼ੇਸ਼ ਰਾਸ਼ਨ ਕਿੱਟ ਉਪਲਬੱਧ ਕਰਵਾਈ ਜਾਵੇਗੀ, ਜਿਸ ਵਿਚ ਘਰੇਲੂ ਜ਼ਰੂਰਤ ਦੀਆਂ ਹੋਰ ਵਸਤੂਆਂ ਵੀ ਸ਼ਾਮਲ ਹੋਣਗੀਆਂ। ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਮੁਫ਼ਤ ਬਿਜਲੀ, ਬਿਹਤਰ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਵਰਗੀਆਂ ਕਈ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2.20 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਤੋਂ ਲਾਭ ਮਿਲੇਗਾ। ਪੰਜਾਬ ਸਰਕਾਰ ਨੇ ਯੋਜਨਾ ਦੇ ਸਫ਼ਲ ਸੰਚਾਲਨ ਲਈ 900 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ’ਮੇਰੀ ਰਸੋਈ’ ਯੋਜਨਾ ਉਨ੍ਹਾਂ ਦੇ ਘਰੇਲੂ ਖਰਚ ਨੂੰ ਘੱਟ ਕਰਨ ਵਿਚ ਕਾਫ਼ੀ ਮਦਦਗਾਰ ਸਾਬਤ ਹੋਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਅਜੇ ਵਰਮਾ, ਸੰਜੀਵ ਦੁਆ ਤੋਂ ਇਲਾਵਾ ਮੁਹੱਲਾ ਨਿਵਾਸੀ ਵੀ ਮੌਜੂਦ ਸਨ।