- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮਿਲਣੀ ਦੌਰਾਨ ਪਾਲਾ ਜਲਾਲਪੁਰ ਦੇ ਹੱਕ ਚ ਉਮੜਿਆ ਭਾਰੀ ਇਕੱਠ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖਾਸ
ਲੋਹੀਆਂ ਦੇ ਨੇੜਲੇ ਪਿੰਡ ਨਵਾਂ ਪਿੰਡ ਦੋਨੇਵਾਲ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕੀਤੀ ਗਈ ਲੋਕ ਮਿਲਣੀ ’ਚ ਭਾਰੀ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਮਾਨ ਨੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਲਾ ਜਲਾਲਪੁਰ ਜਿੱਥੇ ਕੱਬਡੀ ਵਿਚ ਵੀ ਸਟਾਰ ਰਿਹਾ ਹੈ, ਹੁਣ ਰਾਜਨੀਤੀ ’ਚ ਵੀ ਸਿਖਰਾਂ ’ਤੇ ਰਹਿ ਕੇ ਇਲਾਕੇ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਯਤਨ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਰਹੇਗੀ, ਉਦੋਂ ਤੱਕ ਲੋਕਾਂ ਨਾਲ ਕੀਤੇ ਸਾਰੇ ਭਲਾਈ ਵਾਅਦੇ ਤੇ ਗਾਰੰਟੀਆਂ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਮੁੱਖ ਮੰਤਰੀ ਨੇ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ਸੰਭਾਲੀ ਪਰ ਸੂਬੇ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਆਪਣੇ ਸਿਆਸੀ ਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਸ਼ਿਆਂ ਦਾ ਕਾਰੋਬਾਰ ਵਧਿਆ ਤੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ਨੂੰ ਕਈ ਖੇਤਰਾਂ ’ਚ ਨੁਕਸਾਨ ਝੱਲਣਾ ਪਿਆ।
ਮੁੱਖ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਹੱਲ ਕਰਨ ਲਈ ਵਿਸ਼ਵਾਸ਼ ਦਿੱਤਾ। ਪਾਲਾ ਜਲਾਲਪੁਰ ਵਲੋਂ ਇਲਾਕੇ ’ਚ ਲੋਹੀਆਂ ਤੋ ਕਾਕੜ ਕਲਾਂ ਸੜਕ ਦਾ ਨਵੀਨੀਕਰਨ ਕਰਨ ਲਈ, ਸਰਕਾਰੀ ਹਸਪਤਾਲ ਲੋਹੀਆਂ ਨੂੰ ਵੱਡਾ ਕਰਨ ਤੇ ਹੋਰ ਇਲਾਕੇ ਦੇ ਵਿਕਾਸ ਕਾਰਜਾਂ ਲਈ ਮੰਗ ਪੱਤਰ ਦਿੱਤੇ ਗਏ। ਮੁੱਖ ਮੰਤਰੀ ਨੇ ਨੂੰ ਅਮਲ ’ਚ ਲੈ ਕੇ ਆਉਣ ਲਈ ਭਰੋਸਾ ਦਿੱਤਾ। ਅੰਤ ’ਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਵਾਂ ਪਿੰਡ ਦੋਨੇਵਾਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਸੇਵਾਮੁਕਤ ਥਾਣੇਦਾਰ ਅਵਤਾਰ ਸਿੰਘ ਵੱਲੋਂ ਭਗਵੰਤ ਸਿੰਘ ਮਾਨ ਦਾ ਪਿੰਡ ਪੁੱਜਣ ਤੇ ਪਿੰਡ ਦੇ ਵਿਕਾਸ ਲਈ ਫੰਡ ਜਾਰੀ ਕਰਨ ਲਈ ਧੰਨਵਾਦ ਕੀਤਾ।