ਜਤਿੰਦਰ ਪੰਮੀ, ਜਲੰਧਰ: ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਆਈਲੈਟਸ ਕੋਚਿੰਗ ਸੈਂਟਰਾਂ ਨੂੰ ਮੁੜ ਖੋਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਲਾਈਵ ਦੌਰਾਨ ਕੀਤਾ ਗਿਆ। ਜਲੰਧਰ ਵਾਸੀ ਨਨੀਤ ਕੌਰ ਵੱਲੋਂ ਅੱਜ ਫੇਸਬੁੱਕ ਲਾਈਵ ਦੌਰਾਨ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਪੰਜਾਬ ਨੇ ਸਪਸ਼ਟ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਸੈਂਟਰ ਦੇ ਖੁੱਲ੍ਹਣ ਦੇ ਖਿਲਾਫ਼ ਨਹੀਂ ਹਨ। ਲਾਕਡਾਊਨ ਸਬੰਧੀ ਦਿਸ਼ਾ ਨਿਰਦੇਸ਼ ਕੇਂਦਰ ਸਰਕਾਰ ਵੱਲੋਂ ਕੌਮੀ ਆਫ਼ਤ ਪ੍ਰਬੰਧਨ ਐਕਟ ਅਨੁਸਾਰ ਜਾਰੀ ਕੀਤੇ ਜਾਂਦੇ ਹਨ ਜਿਸ ਤਹਿਤ ਇਨ੍ਹਾਂ ਸੈਂਟਰਾਂ ਨੂੰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੰਦ ਹਾਲ ਦੀ ਘੜੀ ਬੰਦ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਆਈਲੈਟਸ ਸੈਂਟਰਾਂ ਨੂੰ ਖੋਲਣ ਦੀ ਇਜ਼ਾਜਤ ਨਹੀਂ ਦਿਤੀ ਜਾ ਸਕਦੀ ਪਰ ਉਹ ਇਨ੍ਹਾਂ ਸੈਂਟਰਾਂ ਨੂੰ ਖੋਲਣ ਦਾ ਮੁੱਦਾ ਕੇਂਦਰ ਸਰਕਾਰ ਪਾਸ ਉਠਾਉਣਗੇ। ਦੇਸ਼ ਵਿੱਚ ਲਗਾਤਾਰ ਵੱਧ ਰਹੇ ਕੋਵਿਡ ਦੇ ਕੇਸਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ’ਚ ਲਗਾਤਾਰ ਕੋਵਿਡ ਦੇ ਕੇਸ ਵੱਧ ਰਹੇ ਹਨ ਅਤੇ ਜਦਕਿ ਪੰਜਾਬ ਵਿੱਚ ਇਹ ਅੰਕੜਾ 6000 ਹਜ਼ਾਰ ਤੱਕ ਪਹੁੰਚ ਗਿਆ ਹੈ ਅਤੇ 157 ਮੌਤਾਂ ਹੁਣ ਤੱਕ ਹੋਈਆਂ ਹਨ। ਉਨ੍ਹਾਂ ਦੁਹਰਾਇਆ ਕਿ ਇਸ ਸਬੰਧੀ ਸਾਰੀਆਂ ਸਾਵਧਾਨੀਆਂ ਜਿਨਾਂ ਵਿੱਚ ਸਮਾਜਿਕ ਦੂਰੀ, ਮਾਸਕ ਪਾਉਣਾ,ਹੱਥ ਧੋਣਾ ਆਦਿ ਸ਼ਾਮਿਲ ਹਨ ਨੂੰ ਅਪਣਾਉਣਾ ਬਹੁਤ ਜਰੂਰੀ ਹੈ।

ਨਿਯਮਾਂ ਦੀ ਉਲੰਘਣਾ ਕਰਨ ‘ਤੇ ਰੋਜ਼ਾਨਾ 4000-5000 ਕੇਸ ਦਰਜ ਹੋਣ ਜਿਸ ਵਿੱਚ ਸੜਕਾਂ ‘ਤੇ ਥੁੱਕਣਾ ਸ਼ਾਮਲ ਹੈ ਸਬੰਧੀ ਲੋਕਾਂ ਨੂੰ ਅਪੀਲ ਕਰਦਿਆਂ ਉਨਾਂ ਕਿਹਾ ਕਿ ਆਪਣੀ ਸੁਰੱਖਿਆ ਅਤੇ ਪੰਜਾਬ ਨੂੰ ਬਚਾਉਣ ਲਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ‘ ਅਸੀਂ ਸਿਰਫ਼ ਕੰਟਰੋਲ ਕਰ ਸਕਦੇ ਹਾਂ ,ਇਲਾਜ ਨਹੀਂ‘ ਮੁੱਖ ਮੰਤਰੀ ਨੇ ਕਹਿੰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ‘ਮਿਸ਼ਨ ਫ਼ਹਿਤ‘ ਤਹਿਤ ਸਰਪੰਚਾਂ ਅਤੇ ਹੋਰਨਾਂ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਦੱਸੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸਰਕਾਰ ਵੱਲੋਂ ਅਪਣੀ ਤਰਫ਼ੋਂ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਉਣ ਲਈ ਅਨੇਕਾ ਉਪਰਾਲੇ ਕੀਤਾ ਜਾ ਰਹੇ ਹਨ। ਸੂਬੇ ’ਚ ਐਂਬੂਲੈਂਸ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਕਿਹਾ ਕਿ ਇਸ ਸਾਲ 400 ਐਂਬੂਲੈਂਸ ਦੇ ਟੀਚੇ ਨੂੰ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਬਲਾਕ ’ਚ 5-5 ਕੁੱਲ 750 ਖੇਡ ਸਟੇਡੀਅਮ ਬਣਾਏ ਜਾਣਗੇ।

Posted By: Jagjit Singh