ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਏਡੀਸੀਪੀ ਮਾਧਵੀ ਸ਼ਰਮਾ ਨਾਲ ਅਹਿਮ ਮੀਟਿੰਗ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਏਡੀਸੀਪੀ ਮਾਧਵੀ ਸ਼ਰਮਾ ਨਾਲ ਅਹਿਮ ਮੀਟਿੰਗ
Publish Date: Sun, 27 Sep 2026 10:23 PM (IST)
Updated Date: Sun, 27 Sep 2026 10:24 PM (IST)
ਵਪਾਰੀਆਂ ਦੀਆਂ ਸਮੱਸਿਆਵਾਂ, ਮਾਰਕੀਟਾਂ ਦੇ ਮੁੱਦਿਆਂ ਤੇ ਸੁਰੱਖਿਆ ਸਬੰਧੀ ਮਾਮਲਿਆਂ ’ਤੇ ਹੋਈ ਵਿਸਥਾਰਪੂਰਵਕ ਚਰਚਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ, ਮਾਰਕੀਟਾਂ ਨਾਲ ਸਬੰਧਤ ਮੁੱਦਿਆਂ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਏਡੀਸੀਪੀ ਮਾਧਵੀ ਸ਼ਰਮਾ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਚੇਅਰਮੈਨ ਨਵਨੀਤ ਸਿੰਘ ਜੂਨੇਜਾ ਨੇ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਜਲੰਧਰ ਕੈਂਟ ਹਲਕੇ ਦੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪੁਲਿਸ ਪ੍ਰਸ਼ਾਸਨ ਦੇ ਧਿਆਨ ’ਚ ਲਿਆਉਣਾ ਤੇ ਇਨ੍ਹਾਂ ਦੇ ਹੱਲ ਲਈ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਸੀ। ਕਮਿਸ਼ਨ ਦੇ ਵਫ਼ਦ ਨੇ ਏਡੀਸੀਪੀ ਮਾਧਵੀ ਸ਼ਰਮਾ ਨੂੰ ਜਲੰਧਰ ਕੈਂਟ ਹਲਕੇ ਦੀਆਂ ਵੱਖ-ਵੱਖ ਮਾਰਕੀਟਾਂ ’ਚ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਤੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ ਜਾਵੇ। ਕਮਿਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਪਾਰੀਆਂ ਦੇ ਮੁੱਦੇ ਸਿਰਫ਼ ਉਠਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨਾ ਵੀ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਏਡੀਸੀਪੀ ਮਾਧਵੀ ਸ਼ਰਮਾ ਨੇ ਵਫ਼ਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਤੇ ਵਪਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦ ਨੇ ਕਿਹਾ ਕਿ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਨਿਰੰਤਰ ਸੰਵਾਦ ਨਾਲ ਮਾਰਕੀਟਾਂ ’ਚ ਪੈਦਾ ਹੋਣ ਵਾਲੀਆਂ ਕਈ ਸਮੱਸਿਆਵਾਂ ਨੂੰ ਸਮੇਂ ਸਿਰ ਪ੍ਰਸ਼ਾਸਨ ਦੇ ਧਿਆਨ ’ਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਨਾਲ ਮਾਰਕੀਟਾਂ ’ਚ ਸੁਰੱਖਿਆ ਤੇ ਸੁਚੱਜੇ ਮਾਹੌਲ ਨੂੰ ਬਣਾਈ ਰੱਖਣ ’ਚ ਵੀ ਸਹਾਇਤਾ ਮਿਲੇਗੀ। ਚੇਅਰਮੈਨ ਨਵਨੀਤ ਸਿੰਘ ਜੂਨੇਜਾ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀ ਵਰਗ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਪ੍ਰਸ਼ਾਸਨ ਵਿਚਕਾਰ ਨਿਰੰਤਰ ਸੰਵਾਦ ਤੇ ਆਪਸੀ ਸਹਿਯੋਗ ਨਾਲ ਮਾਰਕੀਟਾਂ ਨਾਲ ਸਬੰਧਤ ਕਈ ਮੁੱਦਿਆਂ ਨੂੰ ਹੱਲ ਕਰਨ ’ਚ ਮਦਦ ਮਿਲ ਸਕਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲੰਧਰ ਕੈਂਟ ਹਲਕੇ ਦੇ ਵਪਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਸਬੰਧਤ ਵਿਭਾਗਾਂ ਕੋਲ ਉਠਾਇਆ ਜਾਵੇਗਾ। ਮੀਟਿੰਗ ’ਚ ਚੇਅਰਮੈਨ ਨਵਨੀਤ ਸਿੰਘ ਜੂਨੇਜਾ ਤੋਂ ਇਲਾਵਾ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨੇ ਵੀ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਅਮਨਦੀਪ ਸਿੰਘ ਸ਼ੇਰਾ, ਨਿਖਿਲ ਵਾਧਵਾ, ਗੁਲਸ਼ਨ ਜੈਨ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਹਰਿਨੀਤ ਸਿੰਘ ਮਧੋਕ, ਸੁਖਵਿੰਦਰ ਸਿੰਘ ‘ਸੁੱਖਾ’ ਤੇ ਸੁਮਿਤ ਬਜਾਜ ਮੌਜੂਦ ਸਨ।