‘ਆਪਣਾ ਪਿੰਡ ਸੰਭਾਲੋ’ ਮੁਹਿੰਮ ’ਚ ਲੋਕਾਂ ਨੇ ਦੁੱਖੜੇ ਫਰੋਲੇ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਵਿੱਚ ਲੋਕਾਂ ਨੇ ਦੁੱਖੜੇ ਫਰੋਲੇ, ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੀ ਮੰਗ
Publish Date: Wed, 19 Aug 2026 08:04 PM (IST)
Updated Date: Wed, 19 Aug 2026 08:06 PM (IST)
-ਲਾਟੀਆਂਵਾਲ ਤੇ ਤੋਤੀ ਪਿੰਡਾਂ ਵਿੱਚੋਂ ਨਸ਼ਿਆਂ ਦੀ ਸਪਲਾਈ ਰੋਕਣ ’ਤੇ ਜ਼ੋਰ -ਸਿੰਥੈਟਿਕ ਨਸ਼ੇ ਮਨੁੱਖੀ ਸਰੀਰ ਲਈ ਜਾਨਲੇਵਾ, ਸ਼ਰਾਬ ’ਤੇ ਵੀ ਪਾਬੰਦੀ ਦੀ ਮੰਗ ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਤਹਿਤ ਪਿੰਡ ਮਹਿਰਾਜਵਾਲਾ ’ਚ ਲੋਕ ਮਿਲਣੀ ਕਰਵਾਈ ਗਈ। ਇਸ ਮੌਕੇ ਇਲਾਕੇ ਦੇ ਪੰਚਾਂ, ਸਰਪੰਚਾਂ, ਮੋਹਤਬਰਾਂ ਤੇ ਹੋਰ ਸਖ਼ਸ਼ੀਅਤਾਂ ਨੇ ਪੁਲੀਸ ਅਧਿਕਾਰੀਆਂ ਦੀ ਹਾਜ਼ਰੀ ’ਚ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ। ਲੋਹੀਆਂ ਇਲਾਕੇ ’ਚ ਨਸ਼ਿਆਂ ਕਾਰਨ ਵੱਧ ਰਹੀਆਂ ਲੁੱਟਾਂ-ਖੋਹਾਂ ਤੇ ਹੋਰ ਅਪਰਾਧਿਕ ਘਟਨਾਵਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੇ ਨਸ਼ਿਆਂ ਦੀ ਸਪਲਾਈ ’ਤੇ ਸਖ਼ਤੀ ਨਾਲ ਨਕੇਲ ਪਾਉਣ ਦੀ ਅਪੀਲ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਸਿੰਥੈਟਿਕ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਕੈਮੀਕਲਾਂ ਨਾਲ ਤਿਆਰ ਕੀਤੇ ਜਾਂਦੇ ਇਹ ਨਸ਼ੇ ਮਨੁੱਖੀ ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਦੀ ਬਜਾਏ ਉਨ੍ਹਾਂ ਨੂੰ ਸਿਹਤਮੰਦ ਤੇ ਉਸਾਰੂ ਜੀਵਨ ਵੱਲ ਲਿਜਾਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਸ਼ਰਾਬ ਨੂੰ ਵੀ ਨਸ਼ਾ ਕਰਾਰ ਦਿੰਦਿਆਂ ਸੰਤ ਸੀਚੇਵਾਲ ਨੇ ਇਸ ’ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਹੁਣ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ 75 ਪਿੰਡਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਮੁਹਿੰਮ ਨਾਲ ਜੁੜ ਰਹੇ ਪਿੰਡਾਂ ਦੇ ਮੋਹਤਬਰਾਂ ਦਾ ਧੰਨਵਾਦ ਕੀਤਾ। ਲੋਕਾਂ ਵੱਲੋਂ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ਲਈ ਚਰਚਾ ’ਚ ਰਹਿੰਦੇ ਪਿੰਡ ਲਾਟੀਆਂ ਵਾਲ ਤੇ ਤੋਤੀ ਪਿੰਡ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮੌਕੇ ’ਤੇ ਹਾਜ਼ਰ ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਜਿੰਦਰ ਸਿੰਘ ਵਿਰਕ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਕਰਕੇ ਪੰਜਾਬ ਰਾਹੀਂ ਦੇਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸੰਤ ਸੀਚੇਵਾਲ ਨੇ ਪਿੰਡਾਂ ਵਿੱਚ ਠੀਕਰੀ ਪਹਿਰਾ ਮਜ਼ਬੂਤ ਕਰਨ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ ਲਈ ਸੀਸੀਟੀਵੀ ਕੈਮਰੇ ਤੇ ਠੀਕਰੀ ਪਹਿਰੇ ਲਗਾਉਣ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।