- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, ਡੀਏ ’ਚ 3 ਫ਼ੀਸਦੀ ਵਾਧਾ ਸ਼ਲਾਘਾਯੋਗ ਕਦਮ : ਅਮ੍ਰਿਤਪਾਲ ਸਿੰਘ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਜਲੰਧਰ ਤੇ ਜ਼ਿਲ੍ਹਾ ਪ੍ਰਧਾਨ, ਆਮ ਆਦਮੀ ਪਾਰਟੀ, ਜਲੰਧਰ ਸ਼ਹਿਰੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰਾਹਤ ਦਿੰਦਿਆਂ ਮਹਿੰਗਾਈ ਭੱਤੇ ’ਚ 3 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ’ਚ ਡੀਏ ’ਚ 3 ਫ਼ੀਸਦੀ ਦਾ ਵਾਧਾ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਆਰਥਿਕ ਰਾਹਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਆਮਦਨ ’ਚ ਵਾਧਾ ਹੋਵੇਗਾ, ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਆਰਥਿਕ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ 40 ਹਜ਼ਾਰ ਰੁਪਏ ਬੇਸਿਕ ਤਨਖ਼ਾਹ ਵਾਲੇ ਮੁਲਾਜ਼ਮ ਨੂੰ ਇਸ ਵਾਧੇ ਨਾਲ ਹਰ ਮਹੀਨੇ 1,200 ਰੁਪਏ ਵਾਧੂ ਮਿਲਣਗੇ। ਇਸ ਫ਼ੈਸਲੇ ਤੋਂ ਬਾਅਦ ਕੁੱਲ ਮਹਿੰਗਾਈ ਭੱਤਾ 53 ਫ਼ੀਸਦੀ ਹੋ ਜਾਵੇਗਾ। ਸਰਕਾਰ ਦਾ ਇਹ ਫ਼ੈਸਲਾ ਮੁਲਾਜ਼ਮਾਂ ਪ੍ਰਤੀ ਉਸ ਦੀ ਸੰਵੇਦਨਸ਼ੀਲਤਾ ਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ-ਹਿੱਤ ’ਚ ਫ਼ੈਸਲੇ ਲੈ ਰਹੀ ਹੈ। ਸਰਕਾਰ ਨੇ ਇਹ ਸਾਬਤ ਕੀਤਾ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਉਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸਰਕਾਰ ਮੁਲਾਜ਼ਮ ਵਰਗ ਦੀ ਮਿਹਨਤ ਤੇ ਯੋਗਦਾਨ ਦਾ ਪੂਰਾ ਸਨਮਾਨ ਕਰਦੀ ਹੈ। ਡੀਏ ’ਚ ਵਾਧੇ ਦਾ ਇਹ ਫ਼ੈਸਲਾ ਲੱਖਾਂ ਪਰਿਵਾਰਾਂ ਦੇ ਚਿਹਰਿਆਂ ’ਤੇ ਖੁਸ਼ੀ ਲਿਆਉਣ ਵਾਲਾ ਕਦਮ ਹੈ। ਅੰਤ ’ਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਭਵਿੱਖ ’ਚ ਵੀ ਇਸੇ ਤਰ੍ਹਾਂ ਲੋਕ-ਭਲਾਈ ਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ।