ਨਗਰ ਕੌਂਸਲ ਭੋਗਪੁਰ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ
ਨਗਰ ਕੌਂਸਲ ਭੋਗਪੁਰ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ
Publish Date: Fri, 08 May 2026 08:39 PM (IST)
Updated Date: Sat, 09 May 2026 04:15 AM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਫਾਈ ਕਰਮਚਾਰੀ ਯੂਨੀਅਨ ਨਗਰ ਕੌਂਸਲ ਭੋਗਪੁਰ ਦੇ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਠੇਕੇਦਾਰੀ ਪ੍ਰਥਾ ਖਤਮ ਕਰਨ, ਤਨਖ਼ਾਹਾਂ ’ਚ ਵਾਧਾ ਕਰਨ ਤੇ 31 ਦਸੰਬਰ 2011 ਤੋਂ ਬਾਅਦ ਵਾਲੇ ਕਰਮਚਾਰੀਆਂ ਲਈ ਪੈਨਸ਼ਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰਾਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਸਫਾਈ ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਕਰਮਚਾਰੀਆਂ ਨੇ ਕੰਮ ਛੱਡ ਹੜਤਾਲ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ, ਵਾਈਸ ਪ੍ਰਧਾਨ ਸੁਰੇਸ਼ ਕੁਮਾਰ, ਚੇਅਰਮੈਨ ਰਾਜ ਕੁਮਾਰ, ਸੈਕਟਰੀ ਸੋਨੂ ਕੁਮਾਰ, ਸੱਤਪਾਲ ਤੇ ਹੋਰ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਮੰਨਣ ਦੀ ਅਪੀਲ ਕੀਤੀ। ਉੱਧਰ ਨਗਰ ਕੌਂਸਲ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹੜਤਾਲ ਦੌਰਾਨ ਘਰਾਂ ਤੇ ਦੁਕਾਨਾਂ ਦਾ ਕੂੜਾ ਕੂੜਾਦਾਨਾਂ ’ਚ ਹੀ ਰੱਖਿਆ ਜਾਵੇ ਤਾਂ ਜੋ ਸ਼ਹਿਰ ਨੂੰ ਵੱਧ ਤੋਂ ਵੱਧ ਸਾਫ਼-ਸੁਥਰਾ ਰੱਖਿਆ ਜਾ ਸਕੇ।